ਗੁਰਦਾਸਪੁਰ, 12 ਅਪ੍ਰੈਲ 2023 (ਮੰਨਣ ਸੈਣੀ)। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਰੇਲਵੇ ਪੁਲਿਸ ਵੱਲੋਂ ਗੁਰਦਾਸਪੁਰ ਅਤੇ ਬਟਾਲਾ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੀ ਆਪਣੀ ਜਾਇਦਾਦ ‘ਤੇ ਪੋਸਟਰ ਲਗਾਏ ਗਏ ਹਨ। ਚਿਪਕਾਏ ਗਏ ਪੋਸਟਰਾਂ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕਈ ਮਾਮਲਿਆਂ ਵਿੱਚ ਸ਼ਾਮਲ ਦੱਸਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਕਿਸੇ ਨੂੰ ਵੀ ਅੰਮ੍ਰਿਤਪਾਲ ਬਾਰੇ ਕੋਈ ਜਾਣਕਾਰੀ ਹੋਵੇ, ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ।
ਪੁਲਿਸ ਨੇ ਪੋਸਟਰ ਵਿੱਚ ਲਿਖਿਆ ਹੈ ਕਿ ਸੂਚਨਾ ਦੇਣ ਵਾਲੇ ਨੂੰ ਢੁਕਵਾਂ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।
ਦੱਸ ਦਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਂ ਕਈ ਮਾਮਲਿਆਂ ‘ਚ ਹੈ। ਜਿਸ ਦੀ ਪੰਜਾਬ ਪੁਲਿਸ ਵੀ ਕਾਫੀ ਸਮੇਂ ਤੋਂ ਭਾਲ ਕਰ ਰਹੀ ਹੈ। ਦੂਜੇ ਪਾਸੇ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਫੜਨ ਲਈ ਕੀਤੇ ਗਏ ਵੱਖ-ਵੱਖ ਯਤਨਾਂ ਨੂੰ ਅਜੇ ਤੱਕ ਸਫਲਤਾ ਨਹੀਂ ਮਿਲੀ। ਜਦਕਿ ਹੁਣ ਰੇਲਵੇ ਪੁਲਿਸ ਨੇ ਰੇਲਵੇ ਸਟੇਸ਼ਨਾਂ ਦੀਆਂ ਕੰਧਾਂ ‘ਤੇ ਅੰਮ੍ਰਿਤਪਾਲ ਸਿੰਘ ਦੇ ਵਾਂਟੇਡ ਪੋਸਟਰ ਚਿਪਕਾਏ ਹਨ। ਤਾਂ ਜੋ ਅੰਮ੍ਰਿਤਪਾਲ ਨੂੰ ਪੁਲਿਸ ਜਲਦੀ ਫੜ ਸਕੇ।
ਇਸ ਸਬੰਧੀ ਜਦੋਂ ਐਸਐਸਪੀ ਹਰੀਸ਼ ਦਿਆਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਪੋਸਟਰ ਰੇਲਵੇ ਪੁਲੀਸ ਵੱਲੋਂ ਲਾਏ ਗਏ ਹਨ ਜਿਸ ਕਰਕੇ ਜਲਦੀ ਹੀ ਅੰਮ੍ਰਿਤਪਾਲ ਪੁਲੀਸ ਦੀ ਗ੍ਰਿਫ਼ਤ ਵਿੱਚ ਹੋਵੇਗਾ। ਉਨ੍ਹਾਂ ਅਜਿਹੇ ਲੋਕਾਂ ਨੂੰ ਅੰਮ੍ਰਿਤਪਾਲ ਬਾਰੇ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਜੇਕਰ ਲੋਕਾਂ ਨੂੰ ਵੀ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਉਸ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।