ਗੁਰਦਾਸਪੁਰ ਪੰਜਾਬ

ਸ਼ਿਵ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ 6 ਮਈ ਨੂੰ ਸ਼ਿਵ ਆਡੀਟੋਰੀਅਮ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ – ਡਿਪਟੀ ਕਮਿਸ਼ਨਰ

ਸ਼ਿਵ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ 6 ਮਈ ਨੂੰ ਸ਼ਿਵ ਆਡੀਟੋਰੀਅਮ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ – ਡਿਪਟੀ ਕਮਿਸ਼ਨਰ
  • PublishedApril 21, 2023

ਕਵੀ ਦਰਬਾਰ, ਸ਼ਿਵ ਦੀ ਗਾਇਕੀ ਅਤੇ ਕਾਵਿ-ਨਾਟ ਲੂਣਾ ਦਾ ਹੋਵੇਗਾ ਮੰਚਨ

ਗੁਰਦਾਸਪੁਰ, 21 ਅਪ੍ਰੈਲ 2023 ( ਮੰਨਣ ਸੈਣੀ)। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਪੂਰੇ ਸ਼ਰਧਾ-ਭਾਵਨਾ ਨਾਲ ਮਨਾਈ ਜਾਵੇਗੀ। ਬਰਸੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਅਤੇ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਿਵ ਬਟਾਲਵੀ ਦੀ 50ਵੀਂ ਬਰਸੀ ਮੌਕੇ 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ ਜੋ ਕਿ ਦੋ ਹਿੱਸਿਆਂ ਵਿੱਚ ਹੋਣਗੇ। ਉਨ੍ਹਾਂ ਕਿਹਾ ਕਿ 6 ਮਈ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਪਹਿਲਾ ਸੈਸ਼ਨ ਹੋਵੇਗਾ ਜਿਸ ਵਿੱਚ ਸਕੂਲ/ਕਾਲਜ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਬਾਅਦ ਸ਼ਾਮ 5:00 ਵਜੇ ਤੋਂ 8:00 ਵਜੇ ਤੱਕ ਵਿਸ਼ੇਸ਼ ਸਮਾਗਮ ਹੋਵੇਗਾ ਜਿਸ ਵਿੱਚ ਸਭ ਤੋਂ ਪਹਿਲਾਂ ਸ਼ਿਵ ਬਟਾਲਵੀ ਦੀ ਗਾਇਕੀ, ਫਿਰ ਪੰਜਾਬੀ ਜ਼ੁਬਾਨ ਦੇ ਉੱਘੇ ਕਵੀਆਂ ਦਾ ਕਵੀ ਦਰਬਾਰ ਅਤੇ ਅਖੀਰ ਵਿੱਚ ਸ਼ਿਵ ਬਟਾਲਵੀ ਦੀ ਸ਼ਾਹਕਾਰ ਰਚਨਾ ਕਾਵਿ-ਨਾਟ ਲੂਣਾ ਦਾ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਦੀ ਟੀਮ ਵੱਲੋਂ ਮੰਚਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸੀ ਸਮਾਗਮ ਦੀ ਪ੍ਰਧਾਨਗੀ ਰਾਜ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬਰਸੀ ਸਮਾਗਮ ਵਿੱਚ ਐਂਟਰੀ ਬਿਲਕੁਲ ਮੁਫ਼ਤ ਹੋਵੇਗੀ ਅਤੇ ਉਨ੍ਹਾਂ ਸ਼ਿਵ ਸਨੇਹੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਗਮ ਦੀਆਂ ਤਿਆਰੀਆਂ ਵਿੱਚ ਅੱਜ ਤੋਂ ਹੀ ਲੱਗ ਜਾਣ ਤਾਂ ਜੋ ਸਫਲ ਸਮਾਗਮ ਕਰਵਾ ਕੇ ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਜਾ ਸਕੇ।

ਮੀਟਿੰਗ ਦੌਰਾਨ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ, ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਡਾ. ਰਵਿੰਦਰ ਸਿੰਘ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ, ਪ੍ਰੋ. ਰਾਜ ਕੁਮਾਰ ਸ਼ਰਮਾਂ, ਐਕਸੀਅਨ ਹਰਜੋਤ ਸਿੰਘ, ਐੱਸ.ਡੀ.ਓ. ਨਿਰਮਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire