ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਰਸਾ ਦਰਸ਼ਨ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਨੌਜਵਾਨਾਂ ਨੂੰ ਜ਼ਿਲ੍ਹੇ ਦੇ ਅਮੀਰ ਇਤਿਹਾਸਕ ਅਤੇ ਧਾਰਮਿਕ ਵਿਰਸੇ ਦੇ ਦਰਸ਼ਨ ਕਰਾਉਣ ਲਈ ਬਟਾਲਾ ਤੇ ਗੁਰਦਾਸਪੁਰ ਤੋਂ ਚਲਾਈਆਂ ਜਾ ਰਹੀਆਂ ਹਨ ਮੁਫ਼ਤ ਯਾਤਰੂ ਬੱਸਾਂ
ਗੁਰਦਾਸਪੁਰ, 22 ਅਪ੍ਰੈਲ 2023 (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਣ ਦੇ ਯਤਨਾਂ ਤਹਿਤ ਚਲਾਏ ਜਾ ਰਹੇ ਵਿਰਸਾ ਦਰਸ਼ਨ
ਪ੍ਰੋਗਰਾਮ ਤਹਿਤ ਅੱਜ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਗੁਰਦਾਸਪੁਰ ਦੀਆਂ ਵਿਦਿਆਰਥਣਾਂ ਨੂੰ ਜ਼ਿਲ੍ਹੇ ਦੇ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਵੇਰੇ ਸਥਾਨਕ ਪੰਚਾਇਤ ਭਵਨ ਤੋਂ ਵਿਰਸਾ ਦਰਸ਼ਨ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਹੈਰੀਟੇਜ ਸੁਸਾਇਟੀ ਦੇ ਜਾਇੰਟ ਸਕੱਤਰ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਐੱਸ.ਡੀ. ਕਾਲਜ ਦਾ ਸਟਾਫ ਵੀ ਮੌਜੂਦ ਸੀ।
ਵਿਰਸਾ ਦਰਸ਼ਨ ਲਈ ਬੱਸ ਨੂੰ ਰਵਾਨਾ ਕਰਨ ਤੋਂ ਪਹਿਲਾਂ ਵਿਦਿਆਰਥਣਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦਾ ਇਤਿਹਾਸ ਵਿੱਚ ਬਹੁਤ ਅਹਿਮ ਸਥਾਨ ਹੈ ਅਤੇ ਜ਼ਿਲ੍ਹੇ ਦੇ ਹਰ ਸ਼ਹਿਰ ਤੇ ਪਿੰਡ ਦਾ ਆਪਣਾ ਅਮੀਰ ਇਤਿਹਾਸਕ ਵਿਰਸਾ ਤੇ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਵਿਰਸਾ ਦਰਸ਼ਨ ਦੌਰਾਨ ਹਫ਼ਤਾਵਾਰੀ ਮੁਫ਼ਤ ਯਾਤਰਾ ਰਾਹੀਂ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਪਣੇ ਅਮੀਰ ਇਤਿਹਾਸ ਤੇ ਵਿਰਸੇ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਵਿਰਸਾ ਦਰਸ਼ਨ ਤਹਿਤ ਗੁਰਦਾਸਪੁਰ ਤੇ ਬਟਾਲਾ ਤੋਂ ਮੁਫ਼ਤ ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿ ਵਿਰਸਾ ਦਰਸ਼ਨ ਲਈ ਯਾਤਰਾ ਕਰਨ ਲਈ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਅੱਗੇ ਆਉਣ।
ਅੱਜ ਦੇ ਵਿਰਸਾ ਦਰਸ਼ਨ ਦੌਰਾਨ ਵਿਦਿਆਰਥਣਾਂ ਨੇ ਸਭ ਤੋਂ ਪਹਿਲਾਂ ਯਾਤਰਾ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ, ਗੁਰਦਾਸ ਨੰਗਲ ਗੜ੍ਹੀ, ਸ਼ਿਵ ਮੰਦਰ ਕਲਾਨੌਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਚੋਲਾ ਸਾਹਿਬ ਡੇਰਾ ਬਾਬਾ ਨਾਨਕ, ਸ੍ਰੀ ਧਿਆਨਪੁਰ ਧਾਮ, ਬਟਾਲਾ ਵਿਖੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕੀਤੇ। ਬਾਅਦ ਦੁਪਹਿਰ ਇਹ ਯਾਤਰਾ ਵਾਪਸ ਗੁਰਦਾਸਪੁਰ ਵਿਖੇ ਪਹੁੰਚ ਕੇ ਸਮਾਪਤ ਹੋਈ। ਵਿਦਿਆਰਥਣਾਂ ਨੇ ਵਿਰਸਾ ਦਰਸ਼ਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਹੈਰੀਟਜ ਸੁਸਾਇਟੀ ਗੁਰਦਾਸਪੁਰ ਦਾ ਧੰਨਵਾਦ ਕੀਤਾ।