ਚੰਡੀਗੜ੍ਹ, 23 ਅਪ੍ਰੈਲ 2023 (ਦੀ ਪੰਜਾਬ ਵਾਇਰ)। ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਇੱਥੇ ਆਪਣੇ ਸਮਰਥਕਾਂ ਸਮੇਤ ਆਤਮ ਸਮਰਪਣ ਕਰਨਾ ਚਾਹੁੰਦਾ ਸੀ। ਹੁਣ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਫੇਕ ਨਿਊਜ਼ ਸ਼ੇਅਰ ਨਾ ਕਰੋ।
ਅੰਮ੍ਰਿਤਪਾਲ 18 ਮਾਰਚ ਨੂੰ ਫਰਾਰ ਹੋ ਗਿਆ ਸੀ
ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਉਸ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ। ਇਸ ਘਟਨਾ ਤੋਂ ਬਾਅਦ ਹੀ ਉਹ ਪੁਲਿਸ ਦੇ ਰਡਾਰ ‘ਤੇ ਆ ਗਿਆ ਸੀ। ਹਾਲਾਂਕਿ ਪੁਲਿਸ ਨੇ 18 ਮਾਰਚ ਨੂੰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਘੇਰਾਬੰਦੀ ਕੀਤੀ ਸੀ ਪਰ ਅੰਮ੍ਰਿਤਪਾਲ ਫਰਾਰ ਹੋ ਗਿਆ ਸੀ।
20 ਅਪ੍ਰੈਲ ਨੂੰ ਅੰਮ੍ਰਿਤਪਾਲ ਦੀ ਐਨਆਰਆਈ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ। ਉਹ ਲੰਡਨ ਜਾ ਰਹੀ ਸੀ। ਕਿਰਨਦੀਪ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਨੂੰ ਰਿਹਾਅ ਕਰ ਦਿੱਤਾ ਗਿਆ।