ਪਹਿਲਾਂ ਸਰਕਾਰੀ ਨੌਕਰੀ ‘ਦੂਰ ਦਾ ਸੁਫ਼ਨਾ ਸੀ ਪਰ ਅਸੀਂ ਇਕ ਸਾਲ ਵਿੱਚ ਇਸ ਨੂੰ ਸਾਕਾਰ ਕੀਤਾ
• ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ 409 ਐਸ ਡੀ ਓਜ਼, ਕਲਰਕਾਂ, ਜੂਨੀਅਰ ਡਰਾਫਟਸਮੈਨ ਅਤੇ ਹੋਰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
• ਮਿਹਨਤ ਤੇ ਸਮਰਪਣ ਨਾਲ ਸੂਬੇ ਦੀ ਸੇਵਾ ਕਰ ਰਹੇ ਨੌਜਵਾਨਾਂ ਨੂੰ ਆਪਣੇ ਸਿਰੜ ਨਾਲ ਆਸਮਾਨ ਛੂਹਣ ਦਾ ਸੱਦਾ
• ਨੌਜਵਾਨਾਂ ਤੇ ਆਮ ਲੋਕਾਂ ਦੀ ਭਲਾਈ ਤੋਂ ਅੱਖਾਂ ਫੇਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ
ਚੰਡੀਗੜ੍ਹ, 24 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੇਰੀ ਇਮਾਨਦਾਰ ਤੇ ਸੰਜੀਦਾ ਸਰਕਾਰ ਨੇ ਇਕ ਸਾਲ ਵਿੱਚ ਹੀ ਨੌਜਵਾਨਾਂ ਨੂੰ 28,873 ਨੌਕਰੀਆਂ ਦਿੱਤੀਆਂ, ਜਦੋਂ ਕਿ ਕਾਂਗਰਸ ਸਰਕਾਰ ਨੇ ਆਪਣੇ ਪਹਿਲੇ ਸਾਲ ਵਿੱਚ ਲਗਭਗ ਅੱਠ ਹਜ਼ਾਰ ਨੌਕਰੀਆਂ ਦਿੱਤੀਆਂ ਸਨ।
ਸਥਾਨਕ ਸਰਕਾਰਾਂ, ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਤਕਨੀਕੀ ਸਿੱਖਿਆ ਤੇ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਨਵੇਂ ਭਰਤੀ 409 ਸਬ ਡਿਵੀਜ਼ਨਲ ਅਫ਼ਸਰਾਂ (ਐਸ.ਡੀ.ਓਜ਼.), ਕਲਰਕਾਂ, ਜੂਨੀਅਰ ਡਰਾਫਟਸਮੈਨਾਂ ਅਤੇ ਹੋਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਇੱਥੇ ਮਿਊਂਸਿਪਲ ਭਵਨ ਵਿੱਚ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ਦੂਰ ਦਾ ਸੁਫਨਾ ਸਨ, ਜਦੋਂ ਕਿ ਸਾਡੀ ਸਰਕਾਰ ਨੇ ਇਹ ਗੱਲ ਯਕੀਨੀ ਬਣਾਈ ਕਿ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਮਿਲਣ, ਜਿਸ ਲਈ ਇਕ ਪਾਰਦਰਸ਼ੀ ਢਾਂਚਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਉਤਸ਼ਾਹ ਤੇ ਸਮਰਪਣ ਨਾਲ ਜਨਤਾ ਦੀ ਸੇਵਾ ਦੀ ਭਾਵਨਾ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਤੋਂ ਦੂਰ ਸਨ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਦੇ ਇਕ ਸਾਲ ਦੇ ਅੰਦਰ ਹੀ ਉਨ੍ਹਾਂ ਮੈਰਿਟ ਦੇ ਆਧਾਰ ਉਤੇ ਯੋਗ ਨੌਜਵਾਨਾਂ ਨੂੰ 28,873 ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਵਚਨਬੱਧਤਾ ਝਲਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਸਾਰੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।
ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਉਹ ‘ਡਿਊਟੀ ਨੂੰ ਫ਼ਰਜ਼’ ਸਮਝਣ ਅਤੇ ਇਸ ਨੂੰ ਪੂਰੀ ਲਗਨ, ਸਮਰਪਣ ਤੇ ਮਿਹਨਤ ਨਾਲ ਨਿਭਾਉਣ। ਨੌਕਰੀਆਂ ਹਾਸਲ ਕਰ ਕੇ ਸੂਬਾ ਸਰਕਾਰ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਇਕ ਇਤਿਹਾਸਕ ਦਿਨ ਹੈ ਕਿਉਂਕਿ ਉਹ ਹੁਣ ਸੂਬਾ ਸਰਕਾਰ ਦੇ ਪਰਿਵਾਰ ਦੇ ਨਵੇਂ ਮੈਂਬਰ ਬਣੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇ ਇਹ ਨੌਜਵਾਨ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵਾਲੀ ਮੁਹਿੰਮ ਦਾ ਹਿੱਸਾ ਬਣਨਗੇ ਤਾਂ ਇਤਿਹਾਸ ਵਿੱਚ ਉਨ੍ਹਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਪੱਟੀ ਜਹਾਜ਼ ਦੀ ਸੁਰੱਖਿਅਤ ਉਡਾਉਣ ਲਈ ਸਹਾਈ ਹੁੰਦੀ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਪਛਾਣ ਆਪ ਕਾਇਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕਰਨ, ਫਿਰ ਆਸਮਾਨ ਹੀ ਉਨ੍ਹਾਂ ਦੀ ਹੱਦ ਹੋਵੇਗੀ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮੋਹਰੀ ਸੁਭਾਅ ਵਾਲੇ ਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਉੱਦਮੀ ਅਤੇ ਅਗਵਾਈ ਕਰਨ ਦੇ ਗੁਣਾਂ ਦੀ ਬਖਸ਼ਿਸ਼ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਬਣਾਇਆ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਛੋਟੇ-ਛੋਟੇ ਤੇ ਨਿਵੇਕਲੇ ਵਿਚਾਰਾਂ ਤੋਂ ਵੱਡੇ ਸਾਮਰਾਜ ਕਾਇਮ ਕੀਤੇ ਹਨ ਅਤੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।
ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸੱਤਾ ਦੌਰਾਨ ਮਹਿਲਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਕਿਉਂਕਿ ਆਪਣੇ ਆਪ ਨੂੰ ਅਜੇਤੂ ਮੰਨਦੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਦੇ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਏਸੇ ਕਾਰਨ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਲੋਕ ਪੱਖੀ ਫੈਸਲੇ ਰਾਜ ਪ੍ਰਬੰਧ ਵਿਚ ਧੁਰਾ ਬਣੇ ਹਨ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦਾ ਭਲਾ ਕਰਨ ਦੀ ਨਹੀਂ ਸੋਚੀਂ ਅਤੇ ਉਨ੍ਹਾਂ ਨੇ ਖੁਦ ਨੂੰ ਆਪਣੇ ਘਰਾਂ ਦੀਆਂ ਉੱਚੀਆਂ ਕੰਧਾਂ ਵਿੱਚ ਕੈਦ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਮੌਕਾ ਮਿਲਿਆ ਤਾਂ ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਬੁਰੀ ਤਰ੍ਹਾਂ ਨਕਾਰ ਕਰਕੇ ਘਰ ਬੈਠਣ ਜੋਗਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਸੂਬੇ ਦੀ ਭਲਾਈ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਸੇਵਾ ਦਾ ਮੌਕਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕੀਤੇ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਇਸ ਗੱਲ ਦੇ ਹਾਮੀ ਹਨ ਕਿ ਵੱਖ-ਵੱਖ ਵਿਚਾਰਾਂ ਅਤੇ ਦ੍ਰਿਸ਼ਟੀਕੋਣ ਵਾਲਾ ਲੋਕਤੰਤਰ ਹੀ ਹਮੇਸ਼ਾ ਸਫਲ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ, “ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਦਾ ਬਾਗ ਹਰ ਕਿਸੇ ਦੀਆਂ ਅੱਖਾਂ ਨੂੰ ਮਨਮੋਹਕ ਲਗਦਾ ਹੈ, ਜਿਸ ਕਰਕੇ ਇਸ ਨੂੰ ਦੇਖਣ ਲਈ ਲੋਕਾਂ ਦੀ ਭੀੜ ਲੱਗ ਜਾਂਦੀ ਹੈ। ਇਸੇ ਤਰ੍ਹਾਂ ਇੱਕ ਪ੍ਰਗਤੀਸ਼ੀਲ ਸਮਾਜ ਲਈ ਸਾਰੇ ਧਰਮਾਂ ਅਤੇ ਵਰਗਾਂ ਦੀ ਏਕਤਾ ਮਹੱਤਵਪੂਰਨ ਹੈ।”
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਾਬਕਾ ਮੰਤਰੀਆਂ ਤੋਂ 55 ਲੱਖ ਰੁਪਏ ਦੀ ਵਸੂਲੀ ਕਰਨ ਲਈ ਅਦਾਲਤ ਵਿੱਚ ਜਾਣ ਬਾਰੇ ਵਿਚਾਰ ਕਰ ਰਹੀ ਹੈ, ਜਿਨ੍ਹਾਂ ਨੇ ਯੂ.ਪੀ. ਦੇ ਇੱਕ ਖ਼ਤਰਨਾਕ ਅਪਰਾਧੀ ਮੁਖਤਾਰ ਅੰਸਾਰੀ ਦੀ ਰੋਪੜ ਜੇਲ੍ਹ ਵਿੱਚ ਆਰਾਮਦਾਇਕ ਠਹਿਰਨ ਨੂੰ ਯਕੀਨੀ ਬਣਾਉਣ ਲਈ ਫਾਈਲ ‘ਤੇ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪੈਸੇ ਦੀ ਬੇਸ਼ਰਮੀ ਨਾਲ ਕੀਤੀ ਲੁੱਟ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਰਨ ਤਾਂ ਪਿਛਲੀਆਂ ਸਰਕਾਰਾਂ ਹੀ ਜਾਣਦੀਆਂ ਹੋਣਗੀਆਂ ਕਿ ਇਸ ਬਦਨਾਮ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਪੂਰੀਆਂ ਸੁੱਖ-ਸਹੂਲਤਾਂ ਨਾਲ ਕਿਉਂ ਰੱਖਿਆ ਗਿਆ ਸੀ, ਜਿਸ ਲਈ ਟੈਕਸ ਦਾਤਿਆਂ ਦੇ ਪੈਸੇ ਵਿੱਚੋਂ 55 ਲੱਖ ਰੁਪਏ ਖਰਚ ਕੀਤੇ ਗਏ।
ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣੂੰ ਕਰਵਾਉਣ ਲਈ ਤਕਨੀਕੀ ਸਿੱਖਿਆ ਵਿਭਾਗ ਦਾ ਪਲੇਸਮੈਂਟ ਪੋਰਟਲ ਮੋਬਾਈਲ ਐਪ ਵੀ ਲਾਂਚ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਤੇ ਹੋਰ ਵੀ ਹਾਜ਼ਰ ਸਨ।