ਸ਼ਹੀਦ ਦੇ ਮਹਾਨ ਬਲੀਦਾਨ ਸਾਹਮਣੇ ਇਸ ਮਾਲੀ ਮਦਦ ਨੂੰ ਨਿਮਾਣੀ ਜਿਹੀ ਪਹਿਲਕਦਮੀ ਦੱਸਿਆ
ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਂ ਉਤੇ ਰੱਖਣ, 73.50 ਲੱਖ ਰੁਪਏ ਨਾਲ ਸਟੇਡੀਅਮ ਦਾ ਨਿਰਮਾਣ ਤੇ ਧਰਮਸ਼ਾਲਾ ਨੂੰ ਨਵਾਂ ਰੂਪ ਦੇਣ ਦਾ ਕੀਤਾ ਐਲਾਨ
ਤਲਵੰਡੀ ਭਰਥ (ਗੁਰਦਾਸਪੁਰ), 26 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਇੱਥੇ ਬੁੱਧਵਾਰ ਨੂੰ ਸ਼ਹੀਦ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਨੇ ਸ਼ਹੀਦ ਦੇ ਇਸ ਮਹਾਨ ਬਲੀਦਾਨ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਸਿਪਾਹੀ ਹਰਕ੍ਰਿਸ਼ਨ ਸਿੰਘ ਦਾ ਕਰਜ਼ਦਾਰ ਹੈ, ਜਿਸ ਨੇ ਦੇਸ਼ ਤੇ ਲੋਕਾਂ ਦੀ ਸੁਰੱਖਿਆ ਕਰਦਿਆਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।
ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਸੇ ਵਚਨਬੱਧਤਾ ਤਹਿਤ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਹਥਿਆਰਬੰਦ ਦਸਤਿਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਇਸ ਨਿਮਾਣੀ ਜਿਹੀ ਕੋਸ਼ਿਸ਼ ਨਾਲ ਜਿੱਥੇ ਇਕ ਪਾਸੇ ਪਰਿਵਾਰ ਦਾ ਦੁੱਖ ਵੰਡਿਆ ਜਾਵੇਗਾ, ਉੱਥੇ ਦੂਜੇ ਪਾਸੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਦਸਤਿਆਂ ਵਿੱਚ ਸ਼ਾਮਲ ਹੋ ਕੇ ਭਾਰਤ ਮਾਤਾ ਦੀ ਸੇਵਾ ਕਰਨ ਲਈ ਉਤਸ਼ਾਹਤ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਇਕ ਸਪੂਤ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲਾਮਿਸਾਲ ਬਹਾਦਰੀ ਦਾ ਸਬੂਤ ਦਿੰਦਿਆਂ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਬਰਤਾਨਵੀ ਸਾਮਰਾਜ ਦੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਮੋਹਰੀ ਭੂਮਿਕਾ ਨਿਭਾਈ। ਇਸੇ ਤਰ੍ਹਾਂ ਹੁਣ ਪੰਜਾਬੀ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਸਰਹੱਦਾਂ ਉਤੇ ਵੱਡੀ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਂ ਉਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੀ ਧਰਮਸ਼ਾਲਾ ਨੂੰ ਨਵਾਂ ਰੂਪ ਦੇਣ ਅਤੇ ਸਟੇਡੀਅਮ ਦੇ ਨਿਰਮਾਣ ਉਤੇ 73.50 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਖ਼ਮੀਨੇ ਤਿਆਰ ਹਨ ਅਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ।