ਵਿਰਾਸਤੀ ਮੰਚ ਬਟਾਲਾ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਈ ਜਾਵੇਗੀ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ
ਵਿਰਾਸਤੀ ਮੰਚ ਬਟਾਲਾ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਵਿਖੇ ਮਹਾਨ ਸਿੱਖ ਜਰਨੈਲ ਦੀਆਂ ਯਾਦਗਾਰਾਂ ਬਣਾਉਣ ਦੀ ਮੰਗ ਕੀਤੀ
ਬਟਾਲਾ, 26 ਅਪ੍ਰੈਲ ( ਦੀ ਪੰਜਾਬ ਵਾਇਰ ) । ਵਿਰਾਸਤੀ ਮੰਚ ਬਟਾਲਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿੱਚ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਵਿਖੇ ਢੁਕਵੀਆਂ ਯਾਦਗਾਰਾਂ ਦੀ ਉਸਾਰੀ ਕਰਵਾਈ ਜਾਵੇ।
ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਸ. ਬਲਦੇਵ ਸਿੰਘ ਰੰਧਾਵਾ, ਇੰਦਰਜੀਤ ਸਿੰਘ ਹਰਪੁਰਾ, ਕੁਲਵਿੰਦਰ ਸਿੰਘ ਲਾਡੀ, ਸੁਖਦੇਵ ਸਿੰਘ ਯੂ.ਐੱਸ.ਏ, ਸ਼ਮਸ਼ੇਰ ਸਿੰਘ ਮੱਲੀ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਐਡਵੋਕੇਟ ਐੱਚ.ਐੱਸ. ਮਾਂਗਟ, ਸੁਖਦੇਵ ਸਿੰਘ, ਪ੍ਰੋ. ਜਸਬੀਰ ਸਿੰਘ, ਹਰਬਖਸ਼ ਸਿੰਘ, ਅਨੁਰਾਗ ਮਹਿਤਾ, ਡਾ. ਮਲਵਿੰਦਰ ਸਿੰਘ, ਰਾਜਪ੍ਰੀਤ ਸਿੰਘ ਢਿਲੋਂ, ਵੈਬੀਜੋਤ ਸਿੰਘ ਕਾਹਲੋਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਅਗਲੇ ਮਹੀਨੇ 5 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਆ ਰਹੀ ਹੈ, ਜਿਸਨੂੰ ਵਿਰਾਸਤੀ ਮੰਚ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਮਿਸਲਾਂ ਦੇ ਦੌਰ ਵਿੱਚ ਉੱਘੇ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੱਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਆਪਣੀ ਰਾਜਧਾਨੀ ਬਣਾਇਆ ਗਿਆ ਸੀ ਅਤੇ ਇਥੇ ਹੀ ਉਨ੍ਹਾਂ ਦਾ ਨਿਵਾਸ ਸਥਾਨ ਸੀ। ਇਸਤੋਂ ਇਲਾਵਾ ਮਾਝੇ ਦੇ ਪ੍ਰਮੁੱਖ ਸ਼ਹਿਰ ਬਟਾਲਾ ਉੱਪਰ ਵੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਰਾਜ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸ੍ਰੀ ਹਰਗੋਬਿੰਦਪੁਰ ਅਤੇ ਬਟਾਲਾ ਸ਼ਹਿਰ ਵਿੱਚ ਸਰਕਾਰੀ ਤੌਰ ’ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਇੱਕ ਵੀ ਯਾਦਗਾਰ ਨਹੀਂ ਹੈ।
ਵਿਰਾਸਤੀ ਮੰਚ ਬਟਾਲਾ ਵੱਲੋਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਵਿਖੇ ਢੁਕਵੀਆਂ ਯਾਦਗਾਰਾਂ ਦੀ ਉਸਾਰੀ ਕਰਵਾਈ ਜਾਵੇ। ਇਸ ਤੋਂ ਇਲਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਖੰਡਰ ਹੋ ਚੁੱਕੇ ਇਤਿਹਾਸਕ ਨਿਵਾਸ ਸਥਾਨ ਦੀ ਮੁਰੰਮਤ ਕਰਵਾ ਕੇ ਉਸਨੂੰ ਪੁਰਾਤਨ ਦਿੱਖ ਦਿੱਤੀ ਜਾਵੇ। ਵਿਰਾਸਤੀ ਮੰਚ ਦੇ ਪ੍ਰਧਾਨ ਸ. ਬਲਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਵਿਰਾਸਤੀ ਮੰਚ ਬਟਾਲਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਵਿਸ਼ੇਸ਼ ਪ੍ਰੋਗਰਾਮ ਵੀ ਕੀਤਾ ਜਾਵੇਗਾ।