Close

Recent Posts

ਗੁਰਦਾਸਪੁਰ ਪੰਜਾਬ

ਫਰਵਰੀ ਅਤੇ ਮਾਰਚ ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ 90.40 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ

ਫਰਵਰੀ ਅਤੇ ਮਾਰਚ ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ 90.40 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ
  • PublishedApril 30, 2023

ਆਮ ਆਦਮੀ ਪਾਰਟੀ ਦੀ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਪੂਰੀ ਕੀਤੀ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 30 ਅਪ੍ਰੈਲ 2023 ( ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। ਰਾਜ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦਾ ਸਮਾਜ ਦੇ ਹਰ ਵਰਗ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਲਾਭ ਪਹੁੰਚ ਰਿਹਾ ਹੈ। ਇਕੱਲੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ 422396 ਘਰੇਲੂ ਖਪਤਕਾਰਾਂ ਵਿੱਚੋ 381842 (90.40%) ਖਪਤਕਾਰਾਂ ਦੇ ਮਹੀਨਾ 02/2023 ਅਤੇ 03/2023 ਵਿੱਚ ਜ਼ੀਰੋ ਬਿੱਲ ਆਏ ਹਨ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਸਰਕਾਰ ਬਣਦਿਆਂ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਹਰ ਕਿਸੇ ਧਰਮ, ਜਾਤ, ਵਰਗ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਵਲ ਜ਼ਿਲ੍ਹਾ ਗੁਰਦਾਸਪੁਰ ਦੇ 422396 ਖਪਤਕਾਰਾਂ ਵਿਚੋਂ 381842 ਖਪਤਕਾਰਾਂ ਨੂੰ ਫਰਵਰੀ ਅਤੇ ਮਾਰਚ ਮਹੀਨੇ ਦੇ ਜ਼ੀਰੋ ਬਿੱਲ ਆਏ ਹਨ ਜੋ ਕਿ ਕੁਲ ਖਪਤਕਾਰਾਂ ਦਾ 90.40 ਫੀਸਦੀ ਬਣਦਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵੇਲੇ ਬਿਜਲੀ ਦੇ ਬਿੱਲ ਆਮ ਲੋਕਾਂ ਉੱਪਰ ਵੱਡਾ ਬੋਝ ਸਨ ਅਤੇ ਬਹੁਤ ਸਾਰੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵੱਲੋਂ ਵੱਡੇ-ਵੱਡੇ ਬਿਜਲੀ ਬਿੱਲ ਭਰਨੇ ਉਨ੍ਹਾਂ ਦੇ ਵੱਸ ਵਿੱਚ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਬਿਜਲੀ ਦਾ ਜ਼ੀਰੋ ਬਿੱਲ ਆਉਣ ਕਾਰਨ ਲੋਕ ਓਹੀ ਹਜ਼ਾਰਾਂ ਰੁਪਏ ਆਪਣੇ ਪਰਿਵਾਰ ਦੀ ਬਿਹਤਰੀ, ਬੱਚਿਆਂ ਦੀ ਪੜ੍ਹਾਈ ਆਦਿ ਉੱਪਰ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਨੂੰ ਆਮ ਲੋਕਾਂ ਦਾ ਪੂਰੀ ਤਰ੍ਹਾਂ ਖਿਆਲ ਹੈ।       

Written By
The Punjab Wire