ਕੇਂਦਰ ਸਰਕਾਰ ਕੇਸ ਵਿਚ ਦੋਗਲੇ ਮਿਆਰ ਅਪਣਾ ਰਹੀ ਹੈ, ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ ਪਹਿਲਾਂ ਹੀ ਪੰਜਾਬ ਵਿਚ ਭਾਈ ਰਾਜੋਆਣਾ ਦੀ ਰਿਹਾਈ ਦੀ ਹਮਾਇਤ ਕਰ ਚੁੱਕੇ ਹਨ: ਬਿਕਰਮ ਸਿੰਘ ਮਜੀਠੀਆ
ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮਾਮਲੇ ਵਿਚ ਭਾਜਪਾ ਤੇ ਆਪ ਵਿਚ ਗੁਪਤ ਸਮਝੌਤਾ ਹੋਇਆ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹੈ
ਚੰਡੀਗੜ੍ਹ, 3 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ’ਤੇ ਯੂ ਟਰਨ ਲੈਣ ਦੀ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਇਸ ਮਾਮਲੇ ’ਤੇ ਦੋਹਰੇ ਮਾਪਦੰਡ ਅਪਣਾ ਰਹੀ ਹੈ।
ਅਕਾਲੀ ਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਮਾਮਲੇ ’ਤੇ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਦਾ ਗੁਪਤਾ ਸਮਝੌਤਾ ਹੋ ਚੁੱਕਾ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹਾ ਹੈ।
ਭਾਈ ਰਾਜੋਆਣਾ ਦਾਇਰ ਕੀਤੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਵੱਲੋਂ ਵੱਲੋਂ ਉਹਨਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਸਬੰਧੀ ਕੇਂਦਰੀ ਤਜਵੀਜ਼ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰਨ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਪਹਿਲਾਂ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਤੇ ਫਿਰ ਸ਼੍ਰੋਮਣੀ ਕਮੇਟੀ ਵੱਲੋਂ ਮਾਰਚ 2012 ਵਿਚ ਭਾਈ ਰਾਜੋਆਣਾ ਵੱਲੋਂ ਦਾਇਰ ਰਹਿਮ ਦੀ ਅਪੀਲ ’ਤੇਆਪਣਾ ਸਟੈਂਡ ਬਦਲ ਲਿਆ। ਉਹਨਾਂ ਕਿਹਾ ਕਿ ਇਸ ਨਾਲ ਦੁਨੀਆਂ ਭਰ ਵਿਚ ਵਸਦੀ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਸਰਦਾਰ ਮਜੀਠੀਆ ਨੇ ਇਸ ਮਾਮਲੇ ’ਤੇ ਭਾਜਪਾ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਲਈ ਆਖਿਆ ਤੇ ਕਿਹਾ ਕਿ ਪੰਜਾਬ ਭਾਜਪਾ ਦੇ ਸਾਬਕਾ ਇੰਚਾਰਜ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਤਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਵੇਲੇ ਭਾਈ ਰਾਜੋਆਣਾ ਦੀ ਰਿਹਾਈ ਵਾਸਤੇ ਫਾਰਮ ’ਤੇ ਹਸਤਾਖ਼ਰ ਵੀ ਕੀਤੇ ਸਨ। ਉਹਨਾਂ ਕਿਹਾ ਕਿ ਹੁਣ ਸੁਪਰੀਮ ਕੋਰਟ ਵਿਚ ਇਹੀ ਪਾਰਟੀ ਇਹਨਾਂ ਬੰਦੀ ਸਿੰਘਾਂ ਦੀ ਰਿਹਾਈਦੇ ਰਾਹ ਵਿਚ ਅੜਿਕਾ ਬਣੀ ਹੈ ਜੋ ਪਵਿੱਤਰ ਤਖਤ ਦਾ ਅਪਮਾਨ ਹੈ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਇਸ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਘੱਟ ਗਿਣਤੀ ਵਿਚ ਹੈ ਪਰ ਬਿਲਕਿਸ ਬਾਨੋ ਦੇ ਬਲਾਤਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਪਰ ਜਿਸ ਤਰੀਕੇ ਕੇਂਦਰ ਸਰਕਾਰ ਨੇ ਆਪਣੇ ਹਲਫੀਆ ਬਿਆਨ ਵਿਚ ਭਾਈ ਰਾਜੋਆਣਾ ਦੀ ਰਿਹਾਈ ਨੂੰ ਕੌਮੀ ਸੁਰੱਖਿਆ ਨਾਲ ਜੋੜਿਆ ਹੈ, ਉਸ ਨਾਲ ਸਿੱਖ ਹਿਰਦੇ ਹੋਰ ਵਲੂੰਧਰੇ ਗਏ ਹਨ।
ਉਹਨਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ ਅਤੇ ਹੁਣ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿਚ ਸਿੱਖਾਂ ਦਾ ਸਭ ਤੋਂ ਵੱਡਾ ਯੋਗਦਾਨਹੈ। ਉਹਨਾਂ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਭਾਈ ਰਾਜੋਆਣਾ ਦੀ ਰਿਹਾਈ ਆਪਸੀ ਸਮਝੌਤੇ ਦਾ ਮੁੱਢ ਬੰਨੇਗੀ ਅਤੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਰਿਹਾਈ ਦਾ ਵਿਰੋਧ ਕਰਨ ਦੀ ਥਾਂ ਇਸਦਾ ਸਨਮਾਨ ਕਰਨਾ ਚਾਹੀਦਾ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਕੇਂਦਰ ਸਰਕਾਰ ਨੂੰ 2019 ਵਿਚ ਕੀਤੇ ਆਪਣੇ ਪਵਿੱਤਰ ਇਕਰਾਰ ’ਤੇ ਕਾਇਮ ਰਹਿਣਾ ਚਾਹੀਦਾ ਹੈ ਜਦੋਂ ਇਸਨੇ ਐਲਾਨ ਕੀਤਾ ਸੀ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਜਾਵੇਗੀ ਅਤੇ 8 ਹੋਰ ਬੰਦੀ ਸਿੰਘਾਂ ਜਿਹਨਾਂ ਨੇ ਆਪਣੀ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਕੱਟ ਲਈ ਹੈ, ਨੂੰ ਰਿਹਾਅ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੰਦੇਭਾਗਾਂ ਨੂੰ ਇਹ ਵਾਅਦਾ ਨਿਭਾਇਆ ਨਹੀਂ ਜਾ ਰਿਹਾ ਤੇ ਭਾਈ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।ਇਸ ਦੌਰਾਨ ਬੰਦੀ ਸਿੰਘਾਂ ਦੇ ਮਾਮਲੇ ’ਤੇ ਭਾਜਪਾ ਤੇ ਆਪ ਵਿਚਾਲੇ ਗੁਪਤ ਸਮਝੌਤਾ ਹੋਣ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਦਿੱਲੀ ਵਿਚ ਆਪ ਸਰਕਾਰ ਨੇ ਉਹੀ ਸਟੈਂਡ ਅਪਣਾਇਆ ਹੈ ਜੋ ਭਾਜਪਾ ਅਪਣਾ ਰਹੀ ਹੈ ਤੇ ਕੇਜਰੀਵਾਲ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਹੀਂ ਕਰ ਰਹੀ ਹਾਲਾਂਕਿ ਇਹ ਮਾਮਲਾ ਕਈ ਵਾਰ ਸਜ਼ਾ ਸਮੀਖਿਆ ਬੋਰਡ ਕੋਲ ਪਹੁੰਚ ਚੁੱਕਾ ਹੈ।