ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
  • PublishedMay 5, 2023

ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ

ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ

ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ

ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ

ਸੂਬੇ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪੇਸ਼ਕਦਮੀਆਂ ਦਾ ਕੀਤਾ ਸੁਆਗਤ

ਭਗਵੰਤ ਮਾਨ ਨੂੰ ਧਰਤੀ ਨਾਲ ਜੁੜਿਆ ਅਤੇ ਦੂਰਅੰਦੇਸ਼ ਸਿਆਸਤਦਾਨ ਦੱਸਿਆ

ਲੁਧਿਆਣਾ, 5 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਵੱਲ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਸ਼ੁੱਕਰਵਾਰ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੁਣ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ ਤਿੰਨ ਪੜਾਵਾਂ ਵਿੱਚ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਦੇ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਇਸੇ ਤਰਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜਾਂ ਨੇ ਇਨਾਂ ਕਲੀਨਿਕਾਂ ਤੋਂ ਟੈਸਟ ਕਰਵਾਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਜਿਹੀਆਂ ਬਿਮਾਰੀਆਂ ਦਾ ਟਾਕਰਾ ਕਰਨ ਲਈ ਇੱਕ ਡੇਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਭਰਪੂਰ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਦਵਾਈਆਂ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ, ਮੌਸਮੀ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਅਤੇ ਹੋਰ ਲਈ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਸਾਡੇ ਅਖੌਤੀ ਤਜਰਬੇਕਾਰ ਸਿਆਸਤਦਾਨਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਆਲੀਸ਼ਾਨ ਆਰਾਮਗਾਹਾਂ ਦੀਆਂ ਉੱਚੀਆਂ ਕੰਧਾਂ ਉਹਲੇ ਖੁਦ ਨੂੰ ਕੈਦ ਕਰ ਲਿਆ ਹੈ, ਜਿਸ ਕਾਰਨ ਲੋਕ ਇਨ੍ਹਾਂ ਤੋਂ ਕਿਨਾਰਾ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਵੱਲੋਂ ਆਮ ਆਦਮੀ ਨੂੰ ਹਮੇਸ਼ਾ ਹੀ ਠੱਗਿਆ ਤੇ ਲਤਾੜਿਆ ਗਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ।

ਮਿਆਰੀ ਸਿੱਖਿਆ ਨੂੰ ਗਰੀਬਾਂ ਨੂੰ ਦਰਪੇਸ਼ ਸਾਰੀਆਂ ਬਿਮਾਰੀਆਂ ਦਾ ਇਲਾਜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਉਹ ਤਾਕਤ ਹੈ, ਜੋ ਗਰੀਬੀ ਦੇ ਝੰਬੇ ਲੋਕਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਖੇਤਰ ਦੇ ਸੁਧਾਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਸੂਬੇ ’ਚ ਹਨੇਰੇ ਦਾ ਖਤਰਾ ਮੰਡਰਾਉਂਦਾ ਰਹਿੰਦਾ ਸੀ, ਜਦੋਂ ਕਿ ਹੁਣ ਬਿਜਲੀ ਪੈਦਾ ਕਰਨ ਲਈ ਸਾਡੇ ਕੋਲ 37 ਦਿਨਾਂ ਦੇ ਕੋਲੇ ਦਾ ਭੰਡਾਰ ਮੌਜੂਦ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਹਰ ਖੇਤਰ ਨੂੰ ਭਾਵੇਂ ਉਹ ਖੇਤੀਬਾੜੀ ਹੋਵੇ, ਉਦਯੋਗ ਜਾਂ ਘਰੇਲੂ ਖੇਤਰ, ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਆਗੂ ਮਾਨਸਿਕ ਰੋਗੀ ਹੁੰਦੇ ਹਨ। ਇਸੇ ਕਾਰਨ ਅਜਿਹੇ ਆਗੂਆਂ ਨੂੰ ਜੇਲਘ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਲਈ ਇਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਤੋਂ ਲੋਕਾਂ ਦੀ ਲੁੱਟ ਦਾ ਇੱਕ-ਇੱਕ ਪੈਸਾ ਵਸੂਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਇੱਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਪਹਿਲਾਂ ਦੀ ਵਿਵਸਥਾ ਦੀ ਥਾਂ ਹੁਣ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪੈਨਸ਼ਨ ਪ੍ਰਣਾਲੀ ਜਨਤਾ ਦੇ ਪੈਸੇ ਦੀ ਖੁੱਲੀ ਲੁੱਟ ਸੀ, ਜਿਸ ਨੂੰ ਹੁਣ ਰੋਕ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸਮਾਜ ਦੀ ਭਲਾਈ ਯਕੀਨੀ ਬਣਾਉਣ ਲਈ ਕਰਦਾਤਾ ਦੇ ਪੈਸੇ ਦੀ ਬੱਚਤ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਸਮੁੱਚੀ ਭਰਤੀ ਪ੍ਰਕਿਰਿਆ ਦਾ ਇੱਕੋ ਇੱਕ ਆਧਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਦੇ ਆਧਾਰ ‘ਤੇ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕੁਦਰਤੀ ਆਫਤ ਕਾਰਨ ਹੋਏ ਫਸਲੀ ਖਰਾਬੇ ਤੋਂ ਤੁਰੰਤ ਬਾਅਦ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਇਹ ਕਾਰਗੁਜਾਰੀ ਲਾਮਿਸਾਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਜਿੱਥੇ ਦਿੱਲੀ ਸਰਕਾਰ ਨੇ ਪੰਜ ਸਾਲਾਂ ਬਾਅਦ 500 ਕਲੀਨਿਕ ਖੋਲੇ ਸਨ, ਪੰਜਾਬ ਵਿੱਚ ਇਹ ਇੱਕ ਸਾਲ ਵਿੱਚ ਹੀ ਚਾਲੂ ਹੋ ਗਏ ਹਨ। ਇਸ ਦੌਰਾਨ ਉਨਾਂ ਕਿਹਾ ਕਿ ਮੁਫਤ ਬਿਜਲੀ ਪੰਜਾਬ ਲਈ ਵੱਡਾ ਵਰਦਾਨ ਹੈ।

ਭਗਵੰਤ ਮਾਨ ਨੂੰ ਨਿਮਰਤਾ ਅਤੇ ਦੂਰਅੰਦੇਸੀ ਦਾ ਪ੍ਰਤੀਕ ਦੱਸਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਅਜਿਹੇ ਵਿਅਕਤੀ ਨੂੰ ਮਿਲਣ ਲਈ ਤਿਆਰ ਰਹਿੰਦੇ ਹਨ, ਜੋ ਸੂਬੇ ਦਾ ਭਲਾ ਕਰ ਸਕਦਾ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਲੋਕਾਂ ਲਈ ਵਰਦਾਨ ਹੈ। ਉਨਾਂ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਲਈ ਚੰਗਾ ਹੈ ਕਿਉਂਕਿ ਅਜਿਹੇ ਆਗੂ ਅੱਜ-ਕੱਲ ਬਹੁਤ ਘੱਟ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸੀ ਅਗਵਾਈ ਹੇਠ ਸੂਬੇ ਦਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੀਵ ਅਰੋੜਾ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Written By
The Punjab Wire