ਬੇਅਦਬੀ: ਅਣਪਛਾਤੇ ਵਿਅਕਤੀਆਂ ਨੇ ਗੁਟਕਾ ਸਾਹਿਬ ਤੇ ਗੁਰੂ ਸਾਹਿਬ ਦੀਆਂ ਫੋਟੋਆਂ ਨੂੰ ਅੱਗ ਲਗਾਈ, ਮਾਮਲਾ ਦਰਜ

ਬਟਾਲਾ, 10 ਅਪ੍ਰੈਲ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਦੋਸ਼ੀਆਂ ਨੇ ਕੁਝ ਗੁਰੂ ਸਾਹਿਬਾਨ ਦੀਆਂ ਕਿਤਾਬਾ ਅਤੇ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿੱਤਾ। ਹਾਲਾਂਕਿ ਤੇਜ਼ ਹਵਾ ਕਾਰਨ ਅੱਗ ਬੁਝ ਗਈ ਅਤੇ ਬਚਾਅ ਹੋ ਗਿਆ। ਘਟਨਾ ਕਾਰਨ ਸਮੁੱਚੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ।

ਜਾਣਕਾਰੀ ਦਿੰਦਿਆਂ ਪਿੰਡ ਵਾਸੀ ਕਰਨਬੀਰ ਸਿੰਘ ਅਤੇ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਤੜਕੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸੋਚੀ ਸਮਝੀ ਸਾਜ਼ਿਸ਼ ਹੈ, ਜੋ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਹਫ਼ਤੇ ਵਿੱਚ ਬੇਅਦਬੀ ਦੀ ਇਹ ਤੀਜੀ ਘਟਨਾ ਹੈ, ਜੋ ਬਹੁਤ ਹੀ ਚਿੰਤਾਜਨਕ ਹੈ।

ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਜਾਂ 302 ਦਰਜ ਕਰਕੇ ਸਿੱਧੇ ਫਾਂਸੀ ਦਿੱਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਦੂਜੇ ਪਾਸੇ ਚੌਕੀ ਵਡਾਲਾ ਗ੍ਰੰਥੀਆਂ ਦੇ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲੀਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Exit mobile version