ਗੁਰਦਾਸਪੁਰ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ
  • PublishedMay 10, 2023

ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਹੁੰਦੇ ਹਨ ਨਸ਼ਟ 

ਗੁਰਦਾਸਪੁਰ, 10 ਮਈ 2023 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਂਦਾ ਹੈ। 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਆਲਮੀ ਤਪਸ਼ ਵਧਣ ਨਾਲ ਹੋ ਰਹੀਆਂ ਮੌਸਮੀ ਤਬਦੀਲੀਆਂ ਦੇ ਪ੍ਰਤੀਕੂਲ ਪ੍ਰਭਾਵ ਪਿਛਲੇ ਸਾਲਾਂ ਦੌਰਾਨ ਫਸਲਾਂ ਦੀ ਕਾਸ਼ਤ ਉੱਪਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੇੇਮੌਸਮੀ ਬਰਸਾਤਾਂ ਨਾਲ ਅਚਨਚੇਤ ਹੜ੍ਹ ਆ ਰਹੇ ਹਨ ਅਤੇ ਦਿਨ ਦਾ ਤਾਪਮਾਨ ਵਧਣ ਕਾਰਨ ਸੋਕੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਮੌਸਮੀ ਤਬਦੀਲੀਆਂ ਕਾਰਨ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਪਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਨਾਲ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਨਾੜ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਟੀਮਾਂ ਵੱਲੋਂ ਅੱਗ ਬੁਝਾਉਣ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ।

Written By
The Punjab Wire