ਪ੍ਰਸ਼ਾਸਨ ਨੂੰ ਲੋਕਾਂ ਦੇ ਦਰ ‘ਤੇ ਲਿਆਉਣ ਦੇ ਵਾਅਦੇ ਨੂੰ ਪੂਰਾ ਕੀਤਾ
ਸੂਬਾ ਭਰ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਸਿਹਤ ਸੰਭਾਲ ਸੰਸਥਾਵਾਂ ਅਪਗ੍ਰੇਡ ਕਰਨ ਦਾ ਐਲਾਨ
ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੁਦਰਤੀ ਜਲ ਸਰੋਤਾਂ ਦੇ ਬੰਨ੍ਹ ਮਜ਼ਬੂਤ ਕੀਤੇ ਜਾਣਗੇ
ਕਿਸਾਨ ਜਥੇਬੰਦੀਆਂ ਨੂੰ ਬੇਵਜ੍ਹਾ ਅੰਦੋਲਨ ਦਾ ਰਾਹ ਨਾ ਅਪਣਾਉਣ ਦੀ ਅਪੀਲ
ਪੰਜਾਬ ਦੇ ਹਰੇਕ ਜਨਤਕ ਥਰਮਲ ਪਲਾਂਟ ਲਈ 40 ਦਿਨ ਦਾ ਕੋਲਾ ਰਾਖਵਾਂ
ਝੋਨੇ ਦੇ ਅਗਾਮੀ ਸੀਜ਼ਨ ਲਈ 24 ਘੰਟੇ ਬਿਜਲੀ ਸਪਲਾਈ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ
ਧੂਰੀ (ਸੰਗਰੂਰ), 11 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ‘ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਲੋਕ ਪੱਖੀ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਦੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ।
ਆਪਣੇ ਕਿਸਮ ਦੇ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਲੀਹੋਂ ਹਟਵੀਂ ਪਹਿਲਕਦਮੀ ਹੈ ਜਿਸ ਦਾ ਉਦੇਸ਼ ਅਫਸਰਸ਼ਾਹੀ ਨੂੰ ਸਿੱਧੇ ਤੌਰ ‘ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾਉਣਾ ਹੈ ਜਿਸ ਨਾਲ ਲੋਕਾਂ ਨੂੰ ਹੋਰ ਵਧੇਰੇ ਤਾਕਤ ਮਿਲਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ‘ਤੇ ਲਿਆਏਗਾ ਜਿਸ ਨਾਲ ਉਨ੍ਹਾਂ ਨੂੰ ਅਸਲ ਅਰਥਾਂ ‘ਚ ਸ਼ਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਸਰਵੋਤਮ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿਚ ਬਹੁਤ ਸਹਾਈ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਲੋਕ ਪੱਖੀ ਉਪਰਾਲੇ ਦਾ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸੂਬਾ ਭਰ ਵਿੱਚ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਇਸ ਧਰਤੀ ਤੋਂ ਅਤਿ ਆਧੁਨਿਕ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਧੂਰੀ ਸ਼ੂਗਰ ਮਿੱਲ ਦਾ ਮਸਲਾ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸੂਬੇ ਦੀ ਭਲਾਈ ਨੂੰ ਹਰ ਕੀਮਤ ‘ਤੇ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਬਹੁਮੁੱਲੇ ਜਲ ਸਰੋਤਾਂ ਦੀ ਸੰਭਾਲ ਲਈ ਘੱਗਰ ਵਰਗੇ ਕੁਦਰਤੀ ਜਲ ਸਰੋਤਾਂ ਦੇ ਬੰਨ੍ਹ ਮਜ਼ਬੂਤ ਕਰਕੇ ਇਨ੍ਹਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜਲ ਸਰੋਤਾਂ ਦੀ ਸਮੇਂ ਸਿਰ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦਾ ਸਿਰਫ਼ 33 ਫੀਸਦੀ ਤੋਂ 34 ਫੀਸਦੀ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਸਕਦਾ ਹੈ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੀਆਰ-127 ਅਤੇ 129 ਕਿਸਮਾਂ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਂ ਜੋ ਪਾਣੀ ਦੀ ਕਮੀ ਗੰਭੀਰ ਮਸਲਾ ਹੈ ਅਤੇ ਸੂਬਾ ਪਹਿਲਾਂ ਹੀ ਡਾਰਕ ਜ਼ੋਨ (ਖਤਰੇ ਦੇ ਪੱਧਰ ਤੱਕ) ਵਿੱਚ ਜਾ ਚੁੱਕਾ ਹੈ। ਭਗਵੰਤ ਮਾਨ ਨੇ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਕਿਸਾਨ ਸਿਰਫ਼ ਆਪਣਾ ਅੜੀਅਲ ਵਤੀਰਾ ਦਿਖਾਉਣ ਲਈ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਇਹ ਅਣਮਨੁੱਖੀ ਵਰਤਾਰਾ ਨਾ ਸਿਰਫ਼ ਉਨ੍ਹਾਂ ਲਈ ਸਗੋਂ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਵਾਤਾਵਰਨ ਲਈ ਵੀ ਗੰਭੀਰ ਖ਼ਤਰਾ ਹੈ। ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੇਵਜ੍ਹਾ ਅੰਦੋਲਨ ਦਾ ਰਾਹ ਨਾ ਅਪਣਾਉਣ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਰਕਾਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ ਤਾਂ ਇਨ੍ਹਾਂ ਧਰਨਿਆਂ ਦੀ ਕੋਈ ਤੁੱਕ ਨਹੀਂ ਬਣਦੀ। ਇੱਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਮੁੱਲ ਕਟੌਤੀ ਦੇ ਇਵਜ਼ ਵਿਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਹ ਬੜੇ ਅਫਸੋਸ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਕੁਝ ਕਿਸਾਨ ਯੂਨੀਅਨਾਂ ਨੇ ਇਸ ਮੰਗ ਨੂੰ ਲੈ ਕੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ ਜਦਕਿ ਉਨ੍ਹਾਂ ਦੀ ਸਰਕਾਰ ਨੇ ਇਹ ਮੰਗ ਪੂਰੀ ਵੀ ਕਰ ਦਿੱਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਲਈ ਹਰੇਕ ਨਾਗਰਿਕ ਦੀ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਸਮਾਜ ਦੇ ਹਰ ਵਰਗ ਦੀਆਂ ਹੱਕੀ ਮੰਗਾਂ ਸੁਣਨ ਲਈ ਤਿਆਰ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਦੇ ਬੇਲੋੜੇ ਧਰਨੇ ਤੇ ਅੰਦੋਲਨ ਗੈਰ-ਵਾਜਬ ਹਨ।
ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਮੌਕੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਜਨਤਕ ਖੇਤਰ ਦੇ ਥਰਮਲ ਪਲਾਂਟ ਵਿੱਚ 40 ਦਿਨਾਂ ਦਾ ਕੋਲਾ ਪਹਿਲਾਂ ਹੀ ਰਾਖਵਾਂ ਰੱਖਿਆ ਗਿਆ ਹੈ ਅਤੇ ਝੋਨੇ ਦੇ ਸੀਜ਼ਨ ਵਿੱਚ ਵੱਡੀ ਮੰਗ ਨੂੰ ਪੂਰਾ ਕਰਨ ਲਈ ਦੂਜੇ ਸੂਬਿਆਂ ਨਾਲ ਸਮਝੌਤਾ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਵੱਖ-ਵੱਖ ਸੈਕਟਰਾਂ ਦੀ ਸਬਸਿਡੀ ਦੇ ਬਦਲੇ ਪਹਿਲਾਂ ਹੀ 20,200 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਬਿਜਲੀ ਬਚਾਉਣ ਦੇ ਉਪਰਾਲਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਜਿਸ ਕਾਰਨ ਸੂਬਾ ਸਰਕਾਰ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰਨ ਵਿੱਚ ਕਾਮਯਾਬ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਅਜਿਹੇ ਪਹਿਲੇ ਕਦਮ ਨਾਲ 15 ਜੁਲਾਈ ਤੱਕ ਬਿਜਲੀ ਦੀ 50 ਕਰੋੜ ਰੁਪਏ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਇਸ ਨਿਵੇਕਲੇ ਕਦਮ ਨਾਲ ਟਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਬਹੁਤ ਹੱਦ ਤੱਕ ਨਿਜਾਤ ਮਿਲੀ ਹੈ ਅਤੇ ਹਾਲ ਵਿਚ ਕਰਵਾਏ ਇਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਮੋਹਾਲੀ ਦੀ ਏਅਰਪੋਰਟ ਰੋਡ ‘ਤੇ ਵਾਹਨਾਂ ਦੀ ਆਵਾਜਾਈ ਨਿਰਵਿਘਨ ਹੋਣ ਨਾਲ ਰੋਜ਼ਾਨਾ 7000 ਲੀਟਰ ਤੇਲ ਦੀ ਬੱਚਤ ਹੋ ਰਹੀ ਹੈ।
ਲੋਕਾਂ ਨੂੰ ਵਿਕਾਸ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਨਤਕ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਆਪੋ-ਆਪਣੇ ਖੇਤਰ ਦੇ ਵਿਕਾਸ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਐਸ.ਡੀ.ਐਮ ਪੱਧਰ ਦਾ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਧੂਰੀ ਲਈ ਟਰੌਮਾ ਸੈਂਟਰ ਬਣਾਉਣ ਤੋਂ ਇਲਾਵਾ ਮੌਜੂਦਾ ਹਸਪਤਾਲ ਨੂੰ ਅਤਿ-ਆਧੁਨਿਕ ਇਲਾਜ ਸਹੂਲਤਾਂ ਨਾਲ ਅਪਗ੍ਰੇਡ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ 71.36 ਕਰੋੜ ਰੁਪਏ ਦੀ ਲਾਗਤ ਨਾਲ 118 ਕਿਲੋਮੀਟਰ ਲੰਬੀਆਂ 14 ਸੜਕਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਸਬੰਧੀ ਟੈਂਡਰ ਛੇਤੀ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦਾ ਨਿਰਮਾਣ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ ਇਸ ਪ੍ਰਾਜੈਕਟ ਲਈ ਸੂਬਾ ਸਰਕਾਰ ਨੇ ਆਪਣੇ ਹਿੱਸੇ ਦੀ 35 ਕਰੋੜ ਰੁਪਏ ਦੀ ਰਾਸ਼ੀ ਭਾਰਤ ਸਰਕਾਰ ਨੂੰ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 19.50 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਰਜਬਾਹੇ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ।