ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ
ਚੰਡੀਗੜ੍ਹ, 11 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅੰਤਰਰਾਸ਼ਟਰੀ ਨਰਸ ਦਿਵਸ ਦੀ ਪੂਰਵ ਸੰਧਿਆ ‘ਤੇ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਉਨ੍ਹਾਂ ਦਾ ਤਜਰਬਾ ਅਤੇ ਮੁਹਾਰਤ ਸਿਹਤ ਸੰਭਾਲ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਬਹੁਤ ਜ਼ਰੂਰੀ ਹੈ। ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੇ ਸਮੇਂ ਦੌਰਾਨ ਨਰਸਾਂ ਮੋਹਰਲੀ ਕਤਾਰ ਵਿੱਚ ਰਹੀਆਂ ਜਿਨ੍ਹਾਂ ਮਰੀਜ਼ਾਂ ਨੂੰ ਢੁੱਕਵੀਂ ਦੇਖਭਾਲ ਪ੍ਰਦਾਨ ਕਰਨ ਦੇ ਨਾਲ ਨਾਲ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਖਿਆਲ ਰੱਖਿਆ। ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣਾ ਬਹੁਤ ਮਹੱਤਵਪੂਰਨ ਹੈ।
ਜ਼ਿਕਰਯੋਗ ਹੈ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਅਤੇ ਸਮੁੱਚੇ ਸਮਾਜ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਮਾਨਤਾ ਦੇਣ ਲਈ ਅੰਤਰਰਾਸ਼ਟਰੀ ਨਰਸ ਦਿਵਸ ਹਰ ਸਾਲ 12 ਮਈ ਨੂੰ ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ । ਇਹ ਦਿਨ ਫਲੋਰੈਂਸ ਨਾਈਟਿੰਗੇਲ ਨਾਮ ਦੀ ਨਰਸ ਨੂੰ ਸ਼ਰਧਾਂਜਲੀ ਦੇਣ ਵਜੋਂ ਮਨਾਇਆ ਜਾਂਦਾ ਹੈ, ਜਿਸ ਨੇ ਮਨੁੱਖਤਾ ਦੀ ਸੇਵਾ ਕਰਦਿਆਂ 1853-1856 ਦੇ ਸਾਲਾਂ ਵਿੱਚ ਕਰੀਮੀਆ ਦੇ ਯੁੱਧ ਦੌਰਾਨ ਕਈ ਸੈਨਿਕਾਂ ਦੀਆਂ ਜਾਨਾਂ ਬਚਾਈਆਂ ਅਤੇ ਸਮਰਪਣ ਨਾਲ ਨਿਰਸਵਾਰਥ ਸੇਵਾ ਦੀ ਮਿਸਾਲ ਕਾਇਮ ਕੀਤੀ। ਸਾਲ 1974 ਵਿੱਚ ਅੰਤਰਰਾਸ਼ਟਰੀ ਨਰਸਿੰਗ ਕੌਂਸਲ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਪ੍ਰਵਾਨਗੀ ਦਿੱਤੀ।
ਡਾ. ਬਲਬੀਰ ਸਿੰਘ ਨੇ ਨਰਸਿੰਗ ਪੇਸ਼ੇ ਅਤੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਰਸਾਂ ਦੁਆਰਾ ਨਿਭਾਈ ਜਾਂਦੀ ਮਹੱਤਵਪੂਰਣ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਾਰੀਆਂ ਨਰਸਾਂ ਦਾ ਆਪਣੇ ਪੇਸ਼ੇ, ਮਰੀਜ਼ਾਂ ਅਤੇ ਸਮਾਜ ਪ੍ਰਤੀ ਅਟੁੱਟ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ।
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਹ ਦਿਵਸ ਸੂਬੇ ਭਰ ਵਿੱਚ ਵੱਖ-ਵੱਖ ਸਮਾਗਮਾਂ ਅਤੇ ਗਤੀਵਿਧੀਆਂ ਕਰਵਾ ਕੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨਰਸਾਂ ਨੂੰ ਵਧਾਈ ਦਿੱਤੀ ਅਤੇ ਮਰੀਜ਼ਾਂ ਦੀ ਦੇਖਭਾਲ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਨਰਸਾਂ, ਜੋ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਦੇਖਭਾਲ ਸੇਵਾਵਾਂ ਪ੍ਰਦਾਨ ਕਰਦੀਆਂ ਹਨ, ਦੀਆਂ ਸੇਵਾਵਾਂ ਤੋਂ ਬਿਨਾਂ ਮਰੀਜ਼ ਦੇ ਸੰਪੂਰਨ ਇਲਾਜ ਦੀ ਕਲਪਨਾ ਨਹੀਂ ਕਰ ਸਕਦੇ।
ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਸਾਲ ਦੇ ਅੰਤਰਰਾਸ਼ਟਰੀ ਨਰਸ ਦਿਵਸ ਦਾ ਵਿਸ਼ਾ ‘ਸਾਡੀਆਂ ਨਰਸਾਂ ਸਾਡਾ ਭਵਿੱਖ’ ਹੈ ਜਿਸ ਦਾ ਉਦੇਸ਼ ਨਰਸਾਂ ਦੀਆਂ ਵੱਡਮੁਲੀਆਂ ਸੇਵਾਵਾਂ ਨੂੰ ਨੀਤੀ ਘਾੜ੍ਹਿਆਂ, ਜਨਤਾ ਅਤੇ ਭਾਈਵਾਲਾਂ, ਜੋ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਵਿੱਤ ਸਬੰਧੀ ਫੈਸਲੇ ਲੈਂਦੇ ਹਨ, ਸਾਹਮਣੇ ਲਿਆ ਕੇ ਨਰਸਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ‘ਤੇ ਚਾਨਣਾ ਪਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੀਆਂ ਨਰਸਾਂ ਦਾ ਸਮਰਥਨ ਕਰਨਾ ਜਾਰੀ ਰੱਖਾਂਗੇ।
ਇਸ ਮੌਕੇ ਡਾ. ਰਵਿੰਦਰਪਾਲ ਕੌਰ ਨੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਐਸ.ਪੀ. ਸਿੰਘ ਨਾਲ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਰਿਲੀਜ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਐਸ.ਆਈ.ਐਚ..ਐਫ.ਡਬਲਿਊ ਡੀ.ਆਰ. ਜਸਵਿੰਦਰ ਕੁਮਾਰੀ ਅਤੇ ਸਟੇਟ ਪ੍ਰੋਗਰਾਮ ਅਫਸਰ (ਐਮ.ਸੀ.ਐਚ.) ਡਾ. ਇੰਦਰਦੀਪ ਕੌਰ ਵੀ ਮੌਜੂਦ ਸਨ।