ਚੰਡੀਗੜ੍ਹ, 14 ਮਈ 2020 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।