ਪੰਜਾਬ ਮੁੱਖ ਖ਼ਬਰ

ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ

ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ
  • PublishedMay 15, 2023

ਸਰਕਾਰ ਆਯੂਸ਼ਮਾਨ ਅਧੀਨ ਠੇਕੇ ‘ਤੇ ਰੱਖੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਸਮੇਤ ਸਾਰੇ ਸਿਹਤ ਕਰਮਚਾਰੀਆਂ ਨੂੰ ਬੀਮਾ ਕਵਰੇਜ ਦੇਣ ਦੀ ਵੀ ਬਣਾ ਰਹੀ ਹੈ ਯੋਜਨਾ: ਸਿਹਤ ਮੰਤਰੀ

ਸਿਹਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 15 ਮਈ (ਦੀ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਸਿਹਤ ਕਰਮਚਾਰੀ ਯੂਨੀਅਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਲਦੀ ਹੀ ਨੀਤੀ ਲੈ ਕੇ ਆਵੇਗੀ।

ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਆਯੂਸ਼ਮਾਨ ਯੋਜਨਾ ਅਧੀਨ ਜਲਦ ਹੀ ਠੇਕੇ ‘ਤੇ ਰੱਖੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਏਗੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਮਾਂਬੱਧ ਢੰਗ ਨਾਲ ਰੂਪ-ਰੇਖਾ ਤਿਆਰ ਕਰਨ ਲਈ ਪਹਿਲਾਂ ਹੀ ਸੂਬੇ ਦੀ ਸਿਹਤ ਏਜੰਸੀ ਨੂੰ ਹਦਾਇਤ ਕਰ ਦਿੱਤੀ ਹੈ। ਉਨ੍ਹਾ ਕਿਹਾ ਕਿ ਸਿਹਤ ਬੀਮੇ ਦਾ ਪ੍ਰੀਮੀਅਮ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।

ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਹਿਤੈਸ਼ੀ ਨੀਤੀਆਂ ਵਿੱਚ ਵਿਸ਼ਵਾਸ ਰੱਖਦੀ ਹੈ ਜਿਸ ਦੇ ਚਲਦਿਆਂ ਯੂਨੀਅਨ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਬੁਲਾਇਆ ਗਿਆ ਸੀ।

ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੰਦੋਲਨਾਂ ਦਾ ਸਹਾਰਾ ਨਹੀਂ ਲੈਣਾ ਪਵੇਗਾ। ਉਨ੍ਹਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮ ਲਈ ਸਿਹਤ ਵਿਭਾਗ ਦੇ ਸਟਾਫ਼ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਸਿਹਤ ਮੁਲਾਜ਼ਮਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕੀਤਾ ਹੈ।

ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।

ਮੁਲਾਜ਼ਮਾਂ ਨੂੰ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਤੁਸੀਂ ਆਪਣੀ ਡਿਊਟੀ ਲਗਨ ਅਤੇ ਤਨਦੇਹੀ ਨਾਲ ਨਿਭਾਉਗੇ ਤਾਂ ਸਫ਼ਲਤਾ ਵੀ ਤੁਹਾਡੇ ਪੈਰ ਚੁੰਮੇਗੀ।
ਮੀਟਿੰਗ ਉਪਰੰਤ ਯੂਨੀਅਨ ਆਗੂਆਂ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਮੰਤਰੀ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਐਮ.ਡੀ ਨੈਸ਼ਨਲ ਹੈਲਥ ਮਿਸ਼ਨ, ਐਨ.ਐਚ.ਐਮ ਕਰਮਚਾਰੀ ਯੂਨੀਅਨ ਪੰਜਾਬ, ਐਨ.ਆਰ.ਐਚ.ਐਮ ਕਰਮਚਾਰੀ ਸੰਘ, ਦਰਜਾ-4 ਕਰਮਚਾਰੀ ਯੂਨੀਅਨਾਂ, ਡਰਾਈਵਰ ਐਸੋਸੀਏਸ਼ਨ ਪੰਜਾਬ, ਫਾਰਮੇਸੀ ਅਫ਼ਸਰ ਐਸੋਸੀਏਸ਼ਨ, ਸੀ.ਐਚ.ਓ. ਐਸੋਸੀਏਸ਼ਨ, ਕੰਟਰੈਕਟ ਐਮ.ਪੀ.ਐਚ.ਡਬਲਿਊ ਫੀਮੇਲ ਯੂਨੀਅਨ, 2211 ਕੰਟਰੈਕਟ ਐਮ.ਪੀ.ਐਚ.ਡਬਲਯੂ. ਫੀਮੇਲ ਐਸੋਸੀਏਸ਼ਨ, ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ, ਏਡਜ਼ ਕੰਟਰੋਲ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਕਰੋਨਾ ਵਾਰੀਅਰਜ਼ ਯੂਨੀਅਨ ਮੌਜੂਦ ਸਨ।

Written By
The Punjab Wire