ਚੰਡੀਗੜ੍ਹ, 16 ਮਈ (ਦੀ ਪੰਜਾਬ ਵਾਇਰ)। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨ ਜਾ ਰਹੇ ਹਨ। ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਅੰਦਰ ਦੌਰੇ ਕਾਰਨ ‘ਆਪ’ ਸਰਕਾਰ ਨਾਲ ਉਨ੍ਹਾਂ ਦਾ ਪਿਛਲੇ ਸਮੇਂ ਦੌਰਾਨ ਵੱਖ ਵੱਖ ਮੁੱਦਿਆਂ ’ਤੇ ਟਕਰਾਅ ਵੀ ਬਣਿਆ ਰਿਹਾ ਹੈ। ਇਨ੍ਹਾਂ ਦੌਰਿਆਂ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਰਾਜਪਾਲ ਨੇ ਸਰਕਾਰ ਨੂੰ ਅਸਿੱਧੇ ਤਰੀਕੇ ਨਾਲ ਨਿਸ਼ਾਨੇ ’ਤੇ ਵੀ ਲਿਆ ਸੀ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਐਨ ਦੋ ਦਿਨ ਪਹਿਲਾਂ ਰਾਜਪਾਲ ਦੌਰਾ ਕਰਨਗੇ।
ਰਾਜਪਾਲ ਦੇ ਵਧੀਕ ਮੁੱਖ ਸਕੱਤਰ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਤੇ 8 ਜੂਨ ਨੂੰ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦਾ ਦੌਰਾ ਕਰਨਗੇ। ਰਾਜ ਭਵਨ ਦੇ ਅਧਿਕਾਰੀ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਇਸ ਦੌਰੇ ਬਾਬਤ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਲਈ ਕਿਹਾ ਹੈ।