ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 22 ਮਈ 2023 ਤੋਂ ਸ਼ੁਰੂ
ਗੁਰਦਾਸਪੁਰ, 17 ਮਈ 2023 (ਦੀ ਪੰਜਾਬ ਵਾਇਰ )। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 19 ਮਈ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 22 ਮਈ 2023 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਦੱਸਿਆ ਕਿ ਸਿਖਲਾਈ ਉਪਰੰਤ ਨੌਜਵਾਨਾਂ ਨੂੰ ਵਿਭਾਗ ਵੱਲੋਂ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋਆਂ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ।