ਚੇਅਰਮੈਨ ਰਮਨ ਬਹਿਲ ਨੇ ‘ਸਕੂਲ ਆਫ ਐਮੀਨੈਂਸ’ ਦੇ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਗੁਰਦਾਸਪੁਰ, 19 ਮਈ 2023 (ਦੀ ਪੰਜਾਬ ਵਾਇਰ )। ਗੁਰਦਾਸਪੁਰ ਸ਼ਹਿਰ ਵਿਖੇ ਸ਼ੁਰੂ ਹੋਏ ‘ਸਕੂਲ ਆਫ ਐਮੀਨੈਂਸ’ (ਕੋ-ਐਜੂਕੇਸ਼ਨ) ਵਿਖੇ ਦਾਖਲ ਹੋਏ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਵਿੱਦਿਅਕ ਟੂਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿਖੇ ਗਿਆ ਸੀ।
ਵਿਦਿਅਕ ਟੂਰ ਨੂੰ ਰਵਾਨਾ ਕਰਨ ਮੌਕੇ ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਿਦਿਅਕ ਟੂਰ ਕਰਵਾ ਕੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਟੂਰ ਦੌਰਾਨ ਵਿਦਿਆਰਥੀ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ’ਚੋਂ ਬਹੁਤ ਕੁਝ ਨਵਾਂ ਸਿੱਖਣਗੇ ਜੋ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਦੇਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਹ ਉਪਰਾਲੇ ਸਿੱਖਿਆ ਸੁਧਾਰਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਕੂਲ ਆਫ ਐਮੀਂਨੈਂਸ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਨਿਹਰੀ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਨੂੰ ਸਕੂਲ ਆਫ਼ ਐਮੀਨੈਂਸ ਬਣਾਇਆ ਗਿਆ ਹੈ ਅਤੇ ਇਨ੍ਹਾਂ ਸਕੂਲ ਆਫ ਐਮੀਨੈਂਸ ਵਿੱਚ ਨੌਵੀਂ ਤੋਂ ਬਾਰਵੀਂ ਤੱਕ ਦੇ ਦਾਖਲੇ ਕੀਤੇ ਜਾ ਰਹੇ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਇਸ ਵਿਦਿਅਕ ਸੈਸ਼ਨ ਦੌਰਾਨ ਸਕੂਲ ਆਫ਼ ਐਮੀਨੈਂਸ ਵਿੱਚ ਸਾਇੰਸ (ਮੈਡੀਕਲ, ਨਾਨ ਮੈਡੀਕਲ) ਕਾਮਰਸ, ਆਰਟਸ ਅਤੇ ਵੋਕੇਸ਼ਨਲ ਗਰੁੱਪਾਂ ਲਈ 9ਵੀਂ ਅਤੇ 11ਵੀਂ ਜਮਾਤ ਦਾ ਦਾਖਲਾ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਬਿਲਕੁਲ ਮੁਫ਼ਤ ਪੜ੍ਹਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ 40 ਕਿਲੋਮੀਟਰ ਤੱਕ ਮੁਫ਼ਤ ਟਰਾਂਸਪੋਰਟ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿੱਚ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜਦਕਿ 25 ਫੀਸਦੀ ਸੀਟਾਂ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹਨ।
ਇਸ ਮੌਕੇ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਦੇ ਪ੍ਰਿੰਸੀਪਲ ਸ੍ਰੀ ਰਮੇਸ਼ ਠਾਕੁਰ, ਲੈਕਚਰਾਰ ਅਮਰਜੀਤ ਸਿੰਘ ਪੁਰੇਵਾਲ, ਸੁਖਦੇਵ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।