ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ

ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ

ਚੰਡੀਗੜ੍ਹ, 20 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ।

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ ਅਨੁਸਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦੀ ਖੇਤਰ ਗਰੁੱਪ (ਕੰਡਿਆਲੀ ਤਾਰ ਦੇ ਪਾਰ ਵਾਲੇ ਫੀਡਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਡੀ.ਐਸ.ਆਰ. ਖੇਤਰਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ ਹੈ ਅਤੇ ਸਵੇਰੇ 7 ਵਜੇ ਤੋਂ ਸਾਮ 5 ਵਜੇ ਤੱਕ 8 ਘੰਟੇ ਸਪਲਾਈ ਦਿੱਤੀ ਜਾਵੇਗੀ। ਹਾਲਾਂਕਿ ਕਪਾਹ ਖੇਤਰ ਦੇ ਫੀਡਰਾਂ ਨੂੰ ਕਪਾਹ ਦੀ ਬਿਜਾਈ ਲਈ ਰੋਜਾਨਾ 8 ਘੰਟੇ ਬਿਜਲੀ ਸਪਲਾਈ ਮਿਲਦੀ ਰਹੇਗੀ।    

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ ਵਜੋਂ ਦੇ ਰਹੀ ਹੈ, ਉੱਥੇ ਹੀ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣੀ ਵੀ ਯਕੀਨੀ ਬਣਾ ਰਹੀ ਹੈ।

Exit mobile version