ਪੰਜਾਬ ਮੁੱਖ ਖ਼ਬਰ

ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਨੇ-ਮੁੱਖ ਮੰਤਰੀ

ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਨੇ-ਮੁੱਖ ਮੰਤਰੀ
  • PublishedMay 21, 2023

ਸਾਂਝੀਵਾਲਤਾ ਦੀ ਪ੍ਰਤੀਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? 

ਪੰਜਾਬ ਸਰਕਾਰ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਚੁੱਕਣ ਲਈ ਤਿਆਰ-ਮੁੱਖ ਮੰਤਰੀ

ਚੰਡੀਗੜ੍ਹ, 21 ਮਈ 2023 (ਦੀ ਪੰਜਾਬ ਵਾਇਰ)। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਿਰਫ ਇਕ ਚੈਨਲ ਨੂੰ ਦਿੱਤੇ ਜਾਣ ਦੇ ਤਰਕ ‘ਤੇ ਸਵਾਲ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤਿ-ਆਧੁਨਿਕ ਤਕਨਾਲੋਜੀ ਵਾਲੇ ਉਪਕਰਨ ਲਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ ਤਾਂ ਜੋ ਗੁਰਬਾਣੀ ਦਾ ਸਾਰੇ ਚੈਨਲਾਂ ‘ਤੇ ਮੁਫਤ ਪ੍ਰਸਾਰਣ ਕੀਤਾ ਜਾ ਸਕੇ। 

ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਸਰਬੱਤ ਦਾ ਭਲਾ’ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ ‘ਸਰਬ ਸਾਂਝੀ ਗੁਰਬਾਣੀ’ ਦਾ ਪ੍ਰਚਾਰ ਤੇ ਪਸਾਰ ਵਿਸ਼ਵ ਭਰ ਵਿੱਚ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਸਿਰਫ਼ ਇਕ ਚੈਨਲ ਨੂੰ ਹੀ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਕਾਰ ਕਿਸੇ ਇਕ ਚੈਨਲ ਤੱਕ ਸੀਮਤ ਕਰਨ ਦੀ ਬਜਾਏ ਸਾਰੇ ਚੈਨਲਾਂ ਨੂੰ ਮੁਫਤ ਵਿੱਚ ਦਿੱਤੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼-ਵਿਦੇਸ਼ ਵਿੱਚ ਸੰਗਤਾਂ ਨੂੰ ਆਪਣੇ ਘਰਾਂ ਵਿੱਚ ਬੈਠ ਕੇ ਅਨੰਦਮਈ ਗੁਰਬਾਣੀ ਕੀਰਤਨ ਸਰਵਣ ਕਰਨ ਦਾ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕ ਆਪਣੇ ਟੀ.ਵੀ. ਸੈੱਟ ਜਾਂ ਹੋਰ ਉਪਕਰਨਾਂ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਵੀ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਚੈਨਲਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧਾ ਪ੍ਰਸਾਰਣ ਲਈ ਹਾਈਟੈਕ ਉਪਕਰਨ ਲਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਪਹੁੰਚ ਨੂੰ ਇਕ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਹਰ ਚੈਨਲ ਨੂੰ ਮੁਫਤ ਪ੍ਰਸਾਰਣ ਕਰਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਨੂੰ ਪ੍ਰਸਾਰਿਤ ਕਰਨ ਲਈ ਆਧੁਨਿਕ ਕੈਮਰੇ ਅਤੇ ਪ੍ਰਸਾਰਣ ਦੇ ਲੋੜੀਂਦੇ ਉਪਕਰਨਾਂ ਸਮੇਤ ਨਵੀਨਤਮ ਬੁਨਿਆਦੀ ਢਾਂਚਾ ਤੇ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ। 

Written By
The Punjab Wire