ਕਣਕ-ਝੋਨੇ ਹੇਠੋਂ ਰਕਬਾ ਕੱਢ ਕੇ ਕਿਸਾਨਾਂ ਨੂੰ ਬਾਗਬਾਨੀ ਲਈ ਕੀਤਾ ਜਾਵੇਗਾ ਪ੍ਰੇਰਿਤ – ਡਿਪਟੀ ਕਮਿਸ਼ਨਰ
ਸਾਉਣੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ 710 ਪਿੰਡਾਂ ਵਿੱਚ ਬਾਸਮਤੀ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ 355 ਕਿਸਾਨ ਮਿੱਤਰ ਨਿਯੁਕਤ ਕੀਤੇ
ਗੁਰਦਾਸਪੁਰ, 22 ਮਈ 2023 (ਦੀ ਪੰਜਾਬ ਵਾਇਰ ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਅੰਤਰਰਾਸ਼ਟਰੀ ਮਿਲਟਸ ਸਾਲ-2023 ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂਲ ਅਨਾਜ਼ (ਮਿਲਟਸ) ਫਸਲਾਂ ਕੋਦਰਾ, ਸਵਾਂਕ, ਕੰਗਣੀ, ਕੁਤਕੀ, ਰਾਗੀ, ਬਾਜਰਾ, ਜਵਾਰ ਆਦਿ ਹੇਠ ਰਕਬਾ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੂਲ ਅਨਾਜ਼ (ਮਿਲਟਸ) ਵਿਚੋਂ ਬਹੁਤੀਆਂ ਫਸਲਾਂ ਪੰਜਾਬ ਦੀਆਂ ਰਿਵਾਇਤੀ ਫਸਲਾਂ ਹਨ ਅਤੇ ਇਹ ਅਨਾਜ ਮਨੁੱਖੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮਿਲਟਸ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਉਨ੍ਹਾਂ ਨੂੰ ਤਕਨੀਕੀ ਸਹਾਇਤਾ ਦਿੱਤੀ ਜਾਵੇ। ਇਸ ਦੌਰਾਨ ਹਰ ਬਲਾਕ ਵਿੱਚ ਘੱਟੋ-ਘੱਟ 20 ਏਕੜ ਰਕਬਾ ਮਿਲਟਸ ਅੰਦਰ ਨਵਾਂ ਲਿਆਉਣ ਦਾ ਟਾਰਗੇਟ ਵੀ ਦਿੱਤਾ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਾਗਬਾਨੀ ਹੇਠ ਰਕਬਾ ਵਧਾਉਣ ਲਈ ਵੀ ਬਾਗਬਾਨੀ ਵਿਭਾਗ ਨੂੰ ਹਦਾਇਤਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੀਚੀ ਸਟੇਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹੇ ਵਿੱਚ ਲੀਚੀ ਦੇ ਬਾਗਾਂ ਹੇਠ ਵੀ ਰਕਬਾ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਗਾਂ ਦੇ ਨਾਲ ਸਬਜ਼ੀਆਂ ਹੇਠ ਰਕਬਾ ਵਧਾਉਣ ਲਈ ਵੀ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਇਸ ਵਾਰ ਬਾਸਮਤੀ ਹੇਠ ਰਕਬਾ ਵਧਾਇਆ ਜਾਵੇਗਾ, ਜਿਸ ਲਈ ਜ਼ਿਲ੍ਹੇ ਦੇ 710 ਪਿੰਡਾਂ ਦੀ ਬਾਸਮਤੀ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਾਸਮਤੀ ਦਾ ਰਕਬਾ ਵਧਾਉਣ ਲਈ ਜ਼ਿਲ੍ਹੇ ਵਿੱਚ 355 ਕਿਸਾਨ ਮਿੱਤਰ ਰੱਖੇ ਗਏ ਹਨ ਜੋ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਲਈ ਪ੍ਰੇਰਤ ਕਰਨ ਦੇ ਨਾਲ ਉਨ੍ਹਾਂ ਨੂੰ ਪਾਬੰਦੀਸ਼ੁਦਾ ਦਵਾਈਆਂ/ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਲਈ ਵੀ ਜਾਗਰੂਕ ਕਰਨਗੇ।
ਮੀਟਿੰਗ ਦੌਰਾਨ ਡੇਅਰੀ ਵਿਭਾਗ, ਭੂਮੀ ਰੱਖਿਆ ਵਿਭਾਗ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਸਹਿਕਾਰੀ ਸਭਾਵਾਂ ਅਤੇ ਬਿਜਲੀ ਵਿਭਾਗ ਦੀ ਮਹੀਨਾਵਾਰ ਪ੍ਰਗਤੀ ਦਾ ਮੁਲਾਂਕਣ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਤੱਕ ਪਹੁੰਚ ਕਰਕੇ ਜ਼ਮੀਨੀ ਪੱਧਰ ’ਤੇ ਸਰਕਾਰ ਦੀਆਂ ਕਿਸਾਨ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹਾਇਕ ਕਿੱਤਿਆਂ ਨਾਲ ਜੋੜਿਆ ਜਾਵੇ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਉਨ੍ਹਾਂ ਨੂੰ ਨਵੀਆਂ ਤਕਨੀਕਾਂ ਤੇ ਗੁਰ ਦੱਸੇ ਜਾਣ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਰਣਧੀਰ ਸਿੰਘ, ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਤਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਚੀਮਾ, ਕੰਵਲਜੀਤ ਸਿੰਘ ਪੰਜਗਰਾਈਆਂ ਵੀ ਹਾਜ਼ਰ ਸਨ।