ਉਸਦੇ ਸਾਥੀ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤਖੋਰੀ ਦਾ ਮਾਮਲਾ ਦਰਜ
ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸਦੇ ਸਾਥੀ ਅਤੇ ਸਹਿ ਦੋਸ਼ੀ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦਾ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇੱਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦਫ਼ਤਰ ਦੇ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਨੇ ਉਸਦੀ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੰਸ ਪ੍ਰਾਪਤ ਕਰਨ ਸਬੰਧੀ ਰਿਪੋਰਟ ਉਸ ਦੇ ਪੱਖ ਵਿੱਚ ਦੇਣ ਬਦਲੇ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ ਪਰ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕੇ ਹਨ ਅਤੇ ਬਾਕੀ ਰਕਮ ਦੀ ਮੰਗ ਕਰ ਰਹੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਦੋਸ਼ੀ ਅੰਕਿਤ ਗਰਗ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਦੋਵੇਂ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।