ਪੰਜਾਬ ਮੁੱਖ ਖ਼ਬਰ

ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ
  • PublishedMay 27, 2023

70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ

ਚੰਡੀਗੜ੍ਹ, 27 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਨੇ ਰਾਜ ਦੇ ਵਸਨੀਕਾਂ ਲਈ ਆਮ ਆਦਮੀ ਕਲੀਨਿਕ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਉਪਰਾਲੇ ਕੀਤੇ ਗਏ ਹਨ। ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ, ਸਰਕਾਰ ਨੇ ਨੌਜਵਾਨਾਂ ਨੂੰ ਸਫਲਤਾਪੂਰਵਕ 27,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਭਗਤਾਂਵਾਲਾ ਤੋਂ ਪਿੰਡ ਮੂਲੇਚੱਕ ਤੱਕ ਨਵੀਂ ਸੜਕ ਦਾ ਉਦਘਾਟਨ ਕਰਨ ਉਪਰੰਤ ਕੀਤਾ | ਡਾ: ਨਿੱਜਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਸਤਾ ਹਾਲਤ ‘ਚ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਖਾਸ ਕਰਕੇ ਬਰਸਾਤ ਦੇ ਦਿਨਾਂ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਮ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਦੀ ਮਾੜੀ ਹਾਲਤ ਤੋਂ ਦੁਖੀ ਹਨ। ਉਨ੍ਹਾਂ ਦਾ ਮੰਨਣਾ ਸੀ ਕਿ ਇਸ ਸੜਕ ਦੇ ਬਣਨ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਬਹੁਤ ਦੂਰ ਹੋ ਜਾਣਗੀਆਂ।

ਇਸ ਤੋਂ ਬਾਅਦ ਡਾ: ਨਿੱਜਰ ਨੇ ਸਕੱਤਰੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਦੌਰਾਨ ਸੜਕਾਂ ਦੇ ਆਲੇ-ਦੁਆਲੇ ਕੋਈ ਵੀ ਮਲਬਾ ਜਾਂ ਮਿੱਟੀ ਨਾ ਛੱਡੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

ਡਾ: ਨਿੱਜਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਗਏ ਫੰਡ ਆਮ ਲੋਕਾਂ ਦੇ ਹਨ ਅਤੇ ਇਨ੍ਹਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।

ਸਮਾਗਮ ਦੌਰਾਨ ਹਲਕਾ ਕੇਂਦਰੀ ਦੇ ਵਿਧਾਇਕ ਡਾ.ਅਜੈ ਗੁਪਤਾ, ਓ.ਐਸ.ਡੀ ਸ੍ਰੀ ਮਨਪ੍ਰੀਤ ਸਿੰਘ, ਐਸ.ਡੀ.ਓ ਸ੍ਰੀ ਸੰਦੀਪ ਸਿੰਘ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire