ਕੈਂਪ ਦੌਰਾਨ 304 ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ
ਅਬਾਦ ਕੈਂਪਾਂ ਜਰੀਏ ਹੁਣ ਤੱਕ 50000 ਤੋਂ ਵੱਧ ਵਿਅਕਤੀਆਂ ਨੇ ਲਾਭ ਉਠਾਇਆ – ਡਿਪਟੀ ਕਮਿਸ਼ਨਰ
ਕਾਹਨੂੰਵਾਨ/ਗੁਰਦਾਸਪੁਰ, 29 ਮਈ (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਕਾਹਨੂੰਵਾਨ ਦੀ ਰਾਜਪੂਤ ਧਰਮਸ਼ਾਲਾ ਵਿਖੇ ਜਨ-ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਾਹਨੂੰਵਾਨ, ਚੱਕ ਸ਼ਰੀਫ, ਚੱਕ ਯਕੂਬ, ਰਾਊਵਾਲ, ਲਾਧੂਪੁਰ ਪਿੰਡਾਂ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਜਿਨ੍ਹਾਂ ਵਿਚੋਂ 304 ਲਾਭਪਤਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿੱਤਾ ਗਿਆ।
ਇਸ ਜਨ-ਸੁਣਵਾਈ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਵੀ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਸਮਾਂਬੱਧ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਜਾ ਕੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਅਬਾਦ ਸ਼ੁਰੂ ਕਰਕੇ ਸਰਹੱਦੀ ਪੱਟੀ ਨਾਲ ਲੱਗਦੇ ਇਲਾਕੇ ਵਿੱਚ ਵੀ ਅਜਿਹੇ ਕੈਂਪ ਲਗਾਏ ਗਏ ਹਨ ਜਿਨ੍ਹਾਂ ਦਾ 50000 ਤੋਂ ਵੱਧ ਵਿਅਕਤੀ ਹੁਣ ਤੱਕ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ ਜੋ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਏ ਜਾਂਦੇ ਹਨ ਜਿਨ੍ਹਾਂ ਦਾ ਲੋਕਾਂ ਵੱਲੋਂ ਭਰਪੂਰ ਲਾਭ ਉਠਾਇਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਦੌਰਾਨ ਲੋਕਾਂ ਦੀਆਂ ਜੋ ਵੀ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ ਉਨ੍ਹਾਂ ਦਾ ਤਹਿ ਸਮੇਂ ਅੰਦਰ ਨਿਪਟਾਰਾ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੱਜ ਦੇ ਕੈਂਪ ਵਿੱਚ 304 ਦੇ ਕਰੀਬ ਵਿਅਕਤੀਆਂ ਨੇ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਮੌਕੇ ’ਤੇ ਹੀ 27 ਅਧਾਰ ਕਾਰਡ, 2 ਜਾਤੀ ਸਰਟੀਫਿਕੇਟ, 6 ਜਨਮ ਸਰਟੀਫਿਕੇਟ, 3 ਐਫੀਡੇਵਿਟ/ਫਾਰਮ ਫਿਲਿੰਗ, ਪਾਵਰਕਾਮ ਨਾਲ ਸਬੰਧਤ ਸਕੀਮਾਂ ਦਾ ਲਾਭ 22 ਵਿਅਕਤੀਆਂ, ਪਸ਼ੂ ਪਾਲਣ ਵਿਭਾਗ ਵੱਲੋਂ 26 ਵਿਅਕਤੀਆਂ ਨੂੰ ਆਪਣੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ। ਮਾਲ ਵਿਭਾਗ ਵੱਲੋਂ 63 ਸੇਵਾਵਾਂ ਮੌਕੇ ’ਤੇ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ 8 ਬਿਲਾ ਭਾਰ ਸਰਟੀਫਿਕੇਟ, 12 ਰਿਹਾਇਸ਼ੀ ਸਰਟੀਫਿਕੇਟ, 23 ਜਾਤੀ ਸਰਟੀਫਿਕੇਟ ਅਤੇ 20 ਆਮਦਨ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਖੇਤੀਬਾੜੀ ਵਿਭਾਗ ਵੱਲੋਂ 20 ਕਿਸਾਨਾਂ ਨੂੰ ਭਲਾਈ ਯੋਜਨਾਵਾਂ ਦੀ ਜਾਣਕਾਰੀ ਦੇ ਕੇ ਉਨ੍ਹਾਂ ਦੇ ਫਾਰਮ ਭਰੇ ਗਏ ਹਨ। ਰੋਜ਼ਗਾਰ ਵਿਭਾਗ ਨੇ 15 ਨੌਜਵਾਨਾਂ ਦੇ ਨਾਮ ਹੁਨਰ ਸਿਖਲਾਈ ਲਈ ਦਰਜ ਕੀਤੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਤੋਂ ਇਲਾਵਾ ਹੋਰ ਵਿਭਾਗਾਂ ਵੱਲੋਂ ਵੀ ਆਪਣੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇ ਕੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਲਾਭ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਲਗਾਏ ਕੈਂਪ ਵਿੱਚ 22 ਵਿਅਕਤੀਆਂ ਦੀ ਮੁੱਢਲੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਦੇ ਵਸਨੀਕਾਂ ਨੇ ਜਿਹੜੀਆਂ ਮੁਸ਼ਕਲਾਂ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀਆਂ ਹਨ ਉਨ੍ਹਾਂ ਦਾ ਵੀ ਜਲਦ ਹੀ ਨਿਪਟਾਰਾ ਕੀਤਾ ਜਾਵੇਗਾ।
ਜਨ-ਸੁਣਵਾਈ ਕੈਂਪ ਦੌਰਾਨ ਨਾਇਬ ਤਹਿਸੀਲਦਾਰ ਸ੍ਰੀਮਤੀ ਇੰਦਰਜੀਤ ਕੌਰ, ਬੀ.ਡੀ.ਪੀ.ਓ. ਕਾਹਨੂੰਵਾਨ ਹਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਸਰਪੰਚ ਕਾਹਨੂੰਵਾਨ ਠਾਕੁਰ ਆਫਤਾਬ ਸਿੰਘ, ਅਨਿਲ ਤਿਵਾੜੀ, ਠਾਕੁਰ ਪਵਨ ਸਿੰਘ, ਚਰਨਜੀਤ ਸਿੰਘ ਜਾਗੋਵਾਲ ਤੋਂ ਅਧਿਕਾਰੀ ਅਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ। ਕਾਹਨੂੰਵਾਨ ਦੇ ਵਸਨੀਕਾਂ ਨੇ ਇਸ ਜਨ ਸੁਣਵਾਈ ਕੈਂਪ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ।