ਗੁਰਦਾਸਪੁਰ, 30 ਮਈ 2023 (ਦੀ ਪੰਜਾਬ ਵਾਇਰ)। ਸਰਹਦੀ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਇਸ ਵੇਲੇ ਹਾਈ ਅਲਰਟ ਤੇ ਹੈ। ਪੁਲਿਸ ਵੱਲੋਂ ਮੰਗਲਵਾਰ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ ਦੀ ਚੈਕਿੰਗ ਕੀਤੀ ਗਈ। ਜਿਸ ਦਾ ਕਾਰਨ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਦੇ ਗਵਰਨਰ ਦੀ ਗੁਰਦਾਸਪੁਰ ਫੇਰੀ ਨੂੰ ਵੀ ਦੱਸਿਆ ਜਾ ਰਿਹਾ ਹੈ। ਹਾਲਾਂਕਿ ਖ਼ੁਫ਼ੀਆ ਸੂਤਰਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹਾ ਇਸ ਸਮੇਂ ਬਹੁਤ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। ਜਿਸ ਕਾਰਨ ਪੁਲਿਸ ਨੂੰ ਹਾਈ ਅਲਰਟ ‘ਤੇ ਰਹਿਣ ਲਈ ਕਿਹਾ ਗਿਆ ਹੈ।
ਗੁਰਦਾਸਪੁਰ ਪੁਲਿਸ ਤਰਫੋਂ ਮੰਗਲਵਾਰ ਨੂੰ ਵਿਸ਼ੇਸ਼ ਮੁਹਿੰਮ ਦਾ ਆਗਾਜ ਕੀਤਾ ਗਿਆ ਅਤੇ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਅਤੇ ਇਮਾਰਤਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਦੇ ਨਾਲ-ਨਾਲ ਡੌਗ ਸਕੁਐਡ ਵੀ ਰੱਖਿਆ ਗਿਆ ਅਤੇ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ |
ਇਸ ਸਬੰਧੀ ਐਸਐਸਪੀ ਹਰੀਸ਼ ਦਿਆਮਾ ਨੇ ਦੱਸਿਆ ਕਿ ਪੁਲਿਸ ਹਰ ਵੇਲੇ ਅਲਰਟ ਤੇ ਰਹਿੰਦੀ ਹੈ ਪਰ ਅਗਲੇ ਦਿਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਜ਼ਿਲ੍ਹਾ ਗੁਰਦਾਸਪੁਰ ਪਹੁੰਚ ਰਹੇ ਹਨ। ਜਿਸ ਦੀ ਆਮਦ ਤੇ ਚੈਕਿੰਗ ਮੁਹਿੰਮ ਚਲਾਈ ਗਈ ਹੈ। ਡਾਗ ਸਕੁਐਡ ਦੀ ਮਦਦ ਨਾਲ ਜਨਤਕ ਥਾਵਾਂ ਦੀ ਤਲਾਸ਼ੀ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਪੁਲਿਸ ਮੁਲਾਜ਼ਮ ਦਿਨ-ਰਾਤ ਤਾਇਨਾਤ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।