ਪੰਜਾਬ

ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਹੋਵੇਗਾ ਸ਼ੁਰੂ, ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੱਢਿਆ ਹੱਲ

ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਹੋਵੇਗਾ ਸ਼ੁਰੂ, ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੱਢਿਆ ਹੱਲ
  • PublishedMay 30, 2023

ਸਪੀਕਰ ਵੱਲੋਂ ਸਬੰਧਤ ਵਿਭਾਗਾਂ ਨੂੰ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਤੁਰੰਤ ਚਾਰਾਜੋਈ ਕਰਨ ਦੇ ਨਿਰਦੇਸ਼

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਫ਼ਰੀਦਕੋਟ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਕਾਲਜ ਨੂੰ ਵਰਤੋਂ ਲਈ ਦੇਣ ਦੀ ਸਹਿਮਤੀ

ਚੰਡੀਗੜ੍ਹ, 30 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮਾਲਵਾ ਖ਼ਿੱਤੇ ਦੇ ਇਸ ਅਹਿਮ ਕਾਲਜ ਵਿੱਚ ਪਿਛਲੇ ਕਰੀਬ ਚਾਰ ਵਰ੍ਹਿਆਂ ਤੋਂ ਇਹ ਮਸਲਾ ਲਟਕ ਰਿਹਾ ਸੀ।

ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇਸ ਮਾਮਲੇ ਨੂੰ ਲੈ ਕੇ ਕਾਲਜ ਪ੍ਰਸ਼ਾਸਨ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਖੇਤੀਬਾੜੀ ਕੋਰਸ ‘ਚ ਦਾਖ਼ਲੇ ਲਈ ਚਾਰ ਤੋਂ ਪੰਜ ਗੁਣਾਂ ਜ਼ਿਆਦਾ ਬੱਚਿਆਂ ਵੱਲੋਂ ਫ਼ਾਰਮ ਭਰੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਵਿੱਚ ਜੇ ਅਜਿਹੇ ਸਮੇਂ ਦੇ ਨਾਲ ਪਰਖੇ ਅਤੇਨਾਮੀ ਕਾਲਜ ਵਿੱਚ ਖੇਤੀਬਾੜੀ ਕੋਰਸ ਬੰਦ ਹੋ ਜਾਂਦਾ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੋਵੇਗੀ।

ਬਰਜਿੰਦਰਾ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਅਤੇ ਪ੍ਰੋਫੈਸਰ ਡਾ. ਨਰਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਰਾਜ ਖੇਤੀਬਾੜੀ ਖੋਜ ਕੌਂਸਲ ਵੱਲੋਂ ਸਾਲ 2019 ਵਿੱਚ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਦਾ ਹਵਾਲਾ ਦੇ ਕੇ ਕਾਲਜ ਪ੍ਰਸ਼ਾਸਨ ਨੂੰ ਇਹ ਚਾਰ ਸਾਲਾ ਖੇਤੀਬਾੜੀ ਕੋਰਸ ਬੰਦ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਦਾਖ਼ਲਾ ਲਿਆ ਸੀ ਅਤੇ ਇਸ ਵਰ੍ਹੇ ਉਸ ਬੈਚ ਦਾ ਆਖ਼ਰੀ ਸਾਲ ਹੈ ਅਤੇ ਜੇਕਰ ਭਵਿੱਖ ਵਿੱਚ ਖੇਤੀਬਾੜੀ ਕੋਰਸ ਵਿੱਚ ਦਾਖ਼ਲੇ ਨਹੀਂ ਹੁੰਦੇ ਤਾਂ ਇਹ ਇਲਾਕੇ ਦੇ ਚਾਹਵਾਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ।

ਸ. ਕੁਲਤਾਰ ਸਿੰਘ ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਖੇਤੀਬਾੜੀ ਵਿਭਾਗ ਦੇ ਸਕੱਤਰ ਸ. ਅਰਸ਼ਦੀਪ ਸਿੰਘ ਥਿੰਦ ਨੂੰ ਹਦਾਇਤ ਕੀਤੀ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਚਾਰਾਜੋਈ ਕਰਨ ਤਾਂ ਜੋ ਇਸੇ ਸੈਸ਼ਨ ਤੋਂ ਕਾਲਜ ਵਿੱਚ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰੂ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ਰਤਾਂ ਪੂਰੀਆਂ ਕਰਨ ਲਈ ਸਾਬਕਾ ਪ੍ਰੋਫੈਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ।

ਵਿਧਾਨ ਸਭਾ ਸਪੀਕਰ ਨੇ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਮੁਤਾਬਕ ਕਾਲਜ ਲਈ ਲੋੜੀਂਦੀ ਜ਼ਮੀਨ ਮੁਹੱਈਆ ਕਰਾਉਣ ਵਾਸਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੂੰ ਕਿਹਾ ਕਿ ਉਹ ਫ਼ਰੀਦਕੋਟ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਨੂੰ ਸਰਕਾਰੀ ਬਰਜਿੰਦਰਾ ਕਾਲਜ ਨੂੰ ਵਰਤੋਂ ਲਈ ਦੇਣ ਜਿਸ ‘ਤੇ ਵਾਈਸ ਚਾਂਸਲਰ ਨੇ ਸਹਿਮਤੀ ਦੇ ਦਿੱਤੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੁੱਦੇ ਬਾਰੇ ਕਿਹਾ ਕਿ ਖੇਤੀਬਾੜੀ ਜ਼ਰੀਏ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਖੇਤੀ ਆਧਾਰਤ ਕੋਰਸ ਬੰਦ ਹੋਣੇ ਗ਼ਲਤ ਪਿਰਤ ਹੈ।

ਮੀਟਿੰਗ ਦੌਰਾਨ ਚੇਅਰਮੈਨ ਯੋਜਨਾ ਬੋਰਡ ਫ਼ਰੀਦਕੋਟ ਸ. ਸੁਖਜੀਤ ਸਿੰਘ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਵਿਧਾਇਕ ਗੁਰੂ ਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਸ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਮਾਸਟਰ ਹਰਦੀਪ ਸਿੰਘ, ਦੀਪਕ ਮੌਂਗਾ, ਬਰਜਿੰਦਰਾ ਕਾਲਜ ਤੋਂ ਪ੍ਰੋਫੈਸਰ ਇਕਬਾਲ ਸਿੰਘ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Written By
The Punjab Wire