ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨਵੇਂ ਮੰਤਰੀ ਵਜੋਂ ਹਲਫ ਲੈਣਗੇ
ਚੰਡੀਗੜ੍ਹ, 30 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫਾ ਛੇਤੀ ਪ੍ਰਵਾਨ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ: ਨਿੱਜਰ ਦਾ ਅਸਤੀਫਾ ਪ੍ਰਵਾਨ ਕਰਨ ਲਈ ਜੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਮੁੱਖ ਮੰਤਰੀ ਨੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਵਜਾਰਤ ਵਿੱਚ ਸਾਮਲ ਕਰਨ ਲਈ ਤਜਵੀਜ ਕੀਤੇ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਹੈ।