ਪਿੰਡ ਸ਼ਿਕਾਰ ਮਾਛੀਆਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ‘ਜਨ ਸੁਣਵਾਈ ਕੈਂਪ’ ਲਗਾਇਆ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਮਈ 2023 ( ਦੀ ਪੰਜਾਬ ਵਾਇਰ ) । ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਸ਼ਿਕਾਰ ਮਾਛੀਆਂ ਵਿਖੇ ‘ਜਨ ਸੁਣਵਾਈ ਕੈਂਪ’ ਲਗਾਇਆ।
ਤਹਿਸੀਲਦਾਰ ਡੇਰਾ ਬਾਬਾ ਨਾਨਕ ਸ੍ਰੀ ਜਗਤਾਰ ਸਿੰਘ ਨੇ ਕਿਹਾ ਕਿ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਤਹਿਤ ਪਿੰਡ ਪੱਧਰ ’ਤੇ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ ਜਿੱਥੇ ਵੱਖ ਵੱਖ ਵਿਭਾਗੀ ਅਧਿਕਾਰੀ ਖੁਦ ਹਾਜ਼ਰ ਰਹਿ ਕੇ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਦਰਖ਼ਾਸਤਾਂ ਦਾ ਨਿਪਟਾਰਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਪਿੰਡ ਸ਼ਿਕਾਰ ਮਾਛੀਆਂ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਹਾਜ਼ਰ ਵੱਖ ਵੱਖ ਵਿਭਾਗੀ ਅਧਿਕਾਰੀਆਂ ਪਾਸੋਂ ਉਨ੍ਹਾਂ ਦੇ ਵਿਭਾਗ ਅਧੀਨ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਗਾਤਾਰ ਆਯੋਜਿਤ ਕੀਤੇ ਜਾ ਰਹੇ ਇੰਨ੍ਹਾਂ ਜਨ ਸੁਣਵਾਈ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੰਮ ਕਰਵਾਉਣ।