ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਸਕੱਤਰਾਂ ਅਤੇ ਗ੍ਰਾਂਮ ਰੋਜ਼ਗਾਰ ਸੇਵਕਾਂ ਦੀ ਕੰਮ ਦੇ ਅਧਾਰ ’ਤੇ ਗਰੇਡਿੰਗ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਸਕੱਤਰਾਂ ਅਤੇ ਗ੍ਰਾਂਮ ਰੋਜ਼ਗਾਰ ਸੇਵਕਾਂ ਦੀ ਕੰਮ ਦੇ ਅਧਾਰ ’ਤੇ ਗਰੇਡਿੰਗ ਕਰਨ ਦੇ ਨਿਰਦੇਸ਼
  • PublishedJune 2, 2023

ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਕੰਮਾਂ ਦੇ ਨਾਲ ਸਵੱਛਤਾ, ਖੇਡਾਂ, ਲਾਇਬ੍ਰੇਰੀਆਂ, ਵਾਤਾਵਰਨ ਸਬੰਧੀ ਕੰਮਾਂ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 2 ਜੂਨ 2023 ( ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਪੰਚਾਇਤ ਸਕੱਤਰਾਂ ਅਤੇ ਗ੍ਰਾਂਮ ਰੋਜ਼ਗਾਰ ਸੇਵਕਾਂ ਦੀ ਕੰਮ ਦੇ ਅਧਾਰ ’ਤੇ ਗਰੇਡਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ ਤਾਂ ਜੋ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸ਼ਾਬਾਸ਼ੀ ਦੇਣ ਦੇ ਨਾਲ ਢਿੱਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾ ਸਕੇ।

ਸਥਾਨਕ ਪੰਚਾਇਤ ਭਵਨ ਵਿਖੇ ਪੰਚਾਇਤ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਉਨ੍ਹਾਂ ਵੱਲੋਂ ਖੁਦ ਪਿੰਡਾਂ ਵਿੱਚ ਜਾ ਕੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਸਰਕਾਰ ਵੱਲੋਂ ਤਹਿ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਉਸਦਾ ਵਰਤੋਂ ਸਰਟੀਫਿਕੇਟ ਵੀ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੁੰਦੇ ਵਿਕਾਸ ਕਾਰਜਾਂ ਵਿੱਚ ਮਨਰੇਗਾ ਕਾਮਿਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਣੇ ਸਾਂਝੇ ਜਲ ਤਲਾਬਾਂ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਕੰਮਾਂ ਦੇ ਨਾਲ ਸਵੱਛਤਾ, ਖੇਡਾਂ, ਲਾਇਬ੍ਰੇਰੀਆਂ, ਵਾਤਾਵਰਨ ਸਬੰਧੀ ਕੰਮਾਂ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਲਾਡ ਵੇਸਟ ਮੈਨੇਜਮੈਂਟ ਨੂੰ ਵਿਗਿਆਨਿਕ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨਾਲ ਰੈਗੂਲਰ ਮੀਟਿੰਗਾਂ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਯੋਜਨਾਵਾਂ ਤਿਆਰ ਕਰਨ। ਮੀਟਿੰਗ ਦੌਰਾਨ ਐੱਮ.ਪੀ. ਲੈਡ, ਬਾਰਡਰ ਏਰੀਆ ਡਿਵੈਲਪਮੈਂਟ, ਪੇਂਡੂ ਵਿਕਾਸ ਅਤੇ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦਾ ਰੀਵਿਊ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire