ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾਣਗੇ ਵਿਸ਼ੇਸ਼ ਕਦਮ – ਡਿਪਟੀ ਕਮਿਸ਼ਨਰ
ਨਜਾਇਜ ਕਬਜ਼ਿਆਂ ਨੂੰ ਹਟਾਉਣ ਲਈ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਦੁਕਾਨਦਾਰ ਅਤੇ ਆਮ ਲੋਕ ਵੀ ਸਾਥ ਦੇਣ
ਗੁਰਦਾਸਪੁਰ, 3 ਜੂਨ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਅਧਿਕਾਰੀਆਂ ਦੇ ਨਾਲ ਗੁਰਦਾਸਪੁਰ ਸ਼ਹਿਰ ਦਾ ਦੌਰਾ ਕਰਕੇ ਲੋਕਾਂ ਨੂੰ ਸਫ਼ਾਈ ਵਿਵਸਥਾ ਅਤੇ ਟਰੈਫਿਕ ਦੀਆਂ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਮੁਲਾਂਕਣ ਕੀਤਾ ਗਿਆ। ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰੇਲਵੇ ਫਾਟਕ, ਤਿਬੱੜੀ ਰੋਡ `ਤੇ ਬਣ ਰਹੇ ਰੇਲਵੇ ਅੰਡਰ ਬਰਿਜ, ਮੱਛੀ ਮਾਰਕਿਟ, ਹਨੂੰਮਾਨ ਚੌਂਕ, ਕਾਲਜ ਰੋਡ ਵਿਖੇ ਜਾ ਕੇ ਸ਼ਹਿਰ ਵਾਸੀਆਂ ਨਾਲ ਗੱਲ-ਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਦਾ ਹੱਲ ਕਰਨ ਲਈ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਵੱਲੋਂ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੜਕਾਂ ਕਿਨਾਰੇ ਕੀਤੇ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਾਂ ਤੋਂ ਬਾਹਰ ਆਪਣਾ ਸਮਾਨ ਬਿਲਕੁਲ ਨਾ ਲਗਾਉਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੇਹੜੀ ਮਾਰਕਿਟ ਲਈ ਸ਼ਹਿਰ ਵਿੱਚ ਵਿਸ਼ੇਸ਼ ਥਾਂ ਨਿਰਧਾਰਤ ਕੀਤੀ ਗਈ ਹੈ ਅਤੇ ਸਾਰੀਆਂ ਰੇਹੜੀਆਂ ਨੂੰ ਓਥੇ ਸ਼ਿਫ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੇਹੜੀ ਮਾਰਕਿਟ ਲਈ ਨਿਰਧਾਰਤ ਥਾਂ `ਤੇ ਲੱਗੀਆਂ ਰੇਹੜੀਆਂ ਤੋਂ ਹੀ ਸਮਾਨ ਖਰੀਦਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨਦਾਰ ਨੇ ਆਪਣੀ ਦੁਕਾਨ ਤੋਂ ਬਾਹਰ ਸਮਾਨ ਲਗਾਇਆ ਤਾਂ ਉਸ ਖਿਲਾਫ਼ ਧਾਰਾ 133/144 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗੁਰਦਾਸਪੁਰ ਵਿਖੇ ਕਲਾ ਕੇਂਦਰ ਅਤੇ ਸਰਕਟ ਹਾਊਸ ਦੀ ਮੁਰੰਮਤ ਦੇ ਚੱਲ ਰਹੇ ਕੰਮਾਂ ਦਾ ਜਾਇਜਾ ਵੀ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਰੰਮਤ ਦੇ ਕੰਮ ਨੂੰ ਜਲਦ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਜਤਿੰਦਰ ਮੋਹਨ, ਐੱਸ.ਡੀ.ਓ. ਲਵਜੀਤ ਸਿੰਘ, ਨਗਰ ਕੌਂਸਲ ਦੇ ਨੁਮਾਇੰਦੇ ਅਸ਼ੋਕ ਕੁਮਾਰ, ਖੇਤੀਬਾੜੀ ਵਿਸਥਾਰ ਅਫ਼ਸਰ ਹਰਮਨਪ੍ਰੀਤ ਸਿੰਘ ਵੀ ਮੌਜੂਦ ਸਨ।