ਗੁਰਦਾਸਪੁਰ, 6 ਜੂਨ 2023 (ਦੀ ਪੰਜਾਬ ਵਾਇਰ)। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਸ਼ਾਮ ਨੂੰ ਗੁਰਦਾਸਪੁਰ ‘ਚ ਅਚਾਨਕ ਗੜੇਮਾਰੀ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ। ਗੜੇਮਾਰੀ ਕਾਰਨ ਮੌਸਮ ਨੇ ਇਕ ਵਾਰ ਫਿਰ ਆਪਣਾ ਮਿਜ਼ਾਜ ਬਦਲ ਲਿਆ ਹੈ। ਇਸ ਨੂੰ ਰਿਕਾਰਡ ਤੋੜ ਗੜੇਮਾਰੀ ਵਜੋਂ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ ਤੇਜ਼ ਹਨੇਰੀ ਕਾਰਨ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ। ਗੜੇਮਾਰੀ ਨੂੰ ਲੈ ਕੇ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਵੀ ਕੀਤਾ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਕਾਰਨ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਸੀ। ਜਿਸ ਕਾਰਨ ਦੁਪਹਿਰ ਵੇਲੇ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ।
ਮੰਗਲਵਾਰ ਦੀ ਸਵੇਰ ਤੋਂ ਹੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਸੀ। ਮੀਂਹ ਦੀ ਕੋਈ ਸੰਭਾਵਨਾ ਨਹੀਂ ਪ੍ਰਗਟਾਈ ਜਾ ਰਹੀ ਸੀ। ਪਰ ਬਾਅਦ ਦੁਪਹਿਰ ਅਚਾਨਕ ਕੁਝ ਦੇਰ ਬਾਅਦ ਕਾਲੇ ਬੱਦਲਾਂ ਨੇ ਅਸਮਾਨ ਨੂੰ ਢੱਕ ਲਿਆ ਤੇ ਜ਼ੋਰਦਾਰ ਮੀਂਹ ਸ਼ੁਰੂ ਹੋ ਗਿਆ।
ਤੇਜ਼ ਤੂਫ਼ਾਨ ਅਤੇ ਮੀਂਹ ਕਾਰਨ ਕਈ ਥਾਵਾਂ ‘ਤੇ ਦਰੱਖਤ ਡਿੱਗਣ ਦੀਆਂ ਖ਼ਬਰਾਂ ਹਨ। ਜਦਕਿ ਵਾਹਨਾਂ ਦੇ ਵੀ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਇਹਤਿਆਤ ਵਜੋਂ ਬਿਜਲੀ ਸਪਲਾਈ ਤੁਰੰਤ ਬੰਦ ਕਰ ਦਿੱਤੀ ਗਈ ਪਰ ਵੱਡੀ ਗਿਣਤੀ ਵਿੱਚ ਦਰੱਖਤ ਡਿੱਗਣ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ।