ਪੰਜਾਬ ਮੁੱਖ ਖ਼ਬਰ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ
  • PublishedJune 7, 2023

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮ ਨੂੰ ਪਿੰਡਾਂ ਦੀਆਂ ਲੋੜਵੰਦ ਔਰਤਾਂ ਨੂੰ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 7 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ (ਪੀ.ਐਸ.ਆਰ.ਐਲ.ਐਮ) ਤਹਿਤ ਗ਼ਰੀਬ ਦਿਹਾਤੀ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾਂਦੇ ਹਨ ਅਤੇ ਪੀ.ਐਸ.ਆਰ.ਐਲ.ਐਮ. ਸਕੀਮ ਨੂੰ ਪਿੰਡ ਪੱਧਰ ‘ਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਲੋੜਵੰਦ ਔਰਤਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਕਰਮਚਾਰੀਆਂ ਦਾ ਵਿਸ਼ੇਸ ਯੋਗਦਾਨ ਹੁੰਦਾ ਹੈ, ਇਸ ਲਈ ਉਹ ਆਪਣੀ ਡਿਊਟੀ ਮਿਸ਼ਨਰੀ ਭਾਵਨਾ ਨਾਲ ਨਿਭਾਉਣ।

ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਦੇ ਲਾਗੂ ਹੋਣ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤ ਮੈਂਬਰਾਂ ਦੀ ਨਿਰਭਰਤਾ ਪ੍ਰਾਈਵੇਟ ਫ਼ਾਇਨਾਂਸਰ ‘ਤੇ ਕਾਫ਼ੀ ਹੱਦ ਤੱਕ ਘੱਟ ਗਈ ਹੈ। ਇਸ ਸਕੀਮ ਅਧੀਨ ਪਿੰਡਾਂ ਦੀਆਂ ਔਰਤ ਉਤਪਾਦਕਾਂ ਨੂੰ ਖੇਤੀਬਾੜੀ ਅਤੇ ਪਸ਼ੂ-ਧਨ ਉਤਪਾਦਨ ਵਧਾਉਣ, ਵੈਲਯੂ ਚੇਨ ਵਿਕਸਿਤ ਕਰਨ ਅਤੇ ਗ਼ੈਰ-ਖੇਤੀ ਗਤੀਵਿਧੀਆਂ ਜਿਵੇਂ ਸੈਨੇਟਰੀ ਪੈਡ, ਅਚਾਰ, ਦਸਤਕਾਰੀ ਦੀਆਂ ਚੀਜ਼ਾਂ ਬਣਾਉਣ ਅਤੇ ਸਟੋਰ ਚਲਾਉਣ ਆਦਿ ਜ਼ਰੀਏ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਰਾਹੀਂ ਇਸ ਸਕੀਮ ਦਾ ਲਾਭ ਪੇਂਡੂ ਔਰਤਾਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਹੱਥਾਂ ਦੇ ਹੁਨਰ ਨੂੰ ਨਿਖਾਰਦੇ ਹੋਏ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗ ਦੀਆਂ ਵੱਖ-ਵੱਖ ਆਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਵਿਭਾਗ ਵਿੱਚ 8 ਕਲਰਕਾਂ ਤੋਂ ਇਲਾਵਾ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਅਧੀਨ ਰੱਖੇ ਗਏ 126 ਮੁਲਾਜ਼ਮਾਂ ਵਿੱਚ 8 ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, 9 ਜ਼ਿਲ੍ਹਾ ਐਮ.ਆਈ.ਐਸ ਮੈਨੇਜਰ, 48 ਬਲਾਕ ਪ੍ਰੋਗਰਾਮ ਮੈਨੇਜਰ, 20 ਬਲਾਕ ਪ੍ਰੋਗਰਾਮ ਮੈਨੇਜਰ (ਲਾਇਵਲੀਹੁਡਜ਼), 2 ਬਲਾਕ ਪ੍ਰੋਗਰਾਮ ਮੈਨੇਜਰ (ਐਸ.ਵੀ.ਈ.ਪੀ/ਐਨ.ਐਫ਼), 32 ਕਲੱਸਟਰ ਕੋਆਰਡੀਨੇਟਰ ਅਤੇ ਸਟੇਟ ਪੱਧਰ ‘ਤੇ 3 ਯੰਗ ਪ੍ਰੋਫੈਸ਼ਨਲ, 2 ਆਫਿਸ ਅਸਿਸਟੈਂਟ, 1 ਅਕਾਊਂਟ ਅਸਿਸਟੈਂਟ ਅਤੇ 1 ਐਮ.ਆਈ.ਐਸ ਅਸਿਸਟੈਂਟ ਸ਼ਾਮਲ ਹਨ।

ਸਮਾਗਮ ਦੌਰਾਨ ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਾਇਰੈਕਟਰ ਸੰਜੀਵ ਗਰਗ, ਵਧੀਕ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਐਸ.ਪੀ. ਆਂਗਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Written By
The Punjab Wire