ਸਥਾਨਕ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ
ਗੁਰਦਾਸਪੁਰ, 9 ਜੂਨ 2023 ( ਦੀ ਪੰਜਾਬ ਵਾਇਰ ) । ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮਹੀਨੇ ਦੌਰਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਬਟਾਲਾ ਅਤੇ ਕਾਦੀਆਂ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਜੂਨ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸੇ ਤਰਾਂ 16 ਜੂਨ ਨੂੰ ਬਟਾਲਾ ਦੇ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਅਤੇ 23 ਜੂਨ ਨੂੰ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਤੋਂ ਇਲਾਵਾ ਮਿਲਟਰੀ, ਪੈਰਾ ਮਿਲਟਰੀ, ਪੁਲਿਸ, ਬੀ.ਐੱਸ.ਐੱਫ਼, ਸੀ.ਆਰ.ਪੀ.ਐੱਫ਼ ਆਦਿ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਜਾਣਕਾਰੀ ਦੇਣ ਦੇ ਨਾਲ ਨੌਜਵਾਨਾਂ ਨੂੰ ਇਨ੍ਹਾਂ ਸੁਰੱਖਿਆ ਫ਼ੋਰਸਾਂ ਵਿੱਚ ਭਰਤੀ ਹੋਣ ਲਈ ਪ੍ਰੇਰਤ ਕੀਤਾ ਜਾਵੇਗਾ। ਉਨ੍ਹਾਂ ਸ੍ਰੀ ਹਰਗੋਬਿੰਦਪੁਰ ਸਾਹਿਬ, ਬਟਾਲਾ ਅਤੇ ਕਾਦੀਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ।