ਗੁਰਦਾਸਪੁਰ ਮੁੱਖ ਖ਼ਬਰ

ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਉੱਪਰ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ

ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਉੱਪਰ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ
  • PublishedJune 10, 2023

ਕਿਸਾਨ ਜਥੇਬੰਦੀਆਂ ਦੀ ਅੜ੍ਹੀ ਕਾਰਨ ਨੈਸ਼ਨਲ ਹਾਈਵੇ ਅਥਾਰਟੀ ਕੈਂਸਲ ਕਰ ਸਕਦਾ ਹੈ ਇਹ ਪ੍ਰੋਜੈਕਟ

ਜੇਕਰ ਪ੍ਰੋਜੈਕਟ ਰੱਦ ਹੋਇਆ ਤਾਂ ਮੁਆਵਜਾ ਲੈ ਚੁੱਕੇ ਕਿਸਾਨਾਂ ਨੂੰ ਪੈਸੇ ਕਰਨੇ ਪੈਣਗੇ ਵਾਪਸ

ਗੁਰਦਾਸਪੁਰ, 10 ਜੂਨ 2023 (ਦੀ ਪੰਜਾਬ ਵਾਇਰ ) । ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਵਿੱਚ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਪਾਈ ਜਾ ਰਹੀ ਅੜਚਨ ਕਾਰਨ ਹੁਣ ਇਸ ਵਕਾੱਰੀ ਪ੍ਰੋਜੈਕਟ ਉੱਪਰ ਖ਼ਤਰੇ ਦੇ ਬੱਦਲ ਮੰਡਰਾਉਣ ਲੱਗ ਪਏ ਹਨ। ਕੁਝ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਵਿਰੋਧ ਕਾਰਨ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਇਸ ਪ੍ਰੋਜੈਕਟ ਨੂੰ ਵਾਪਸ ਲੈਣ ਉੱਪਰ ਵਿਚਾਰ ਕੀਤਾ ਜਾ ਰਿਹਾ ਹੈ। ਜੇਕਰ ਇਹ ਪ੍ਰੋਜੈਕਟ ਰੱਦ ਹੁੰਦਾ ਹੈ ਤਾਂ ਜਿਨ੍ਹਾਂ ਕਿਸਾਨਾਂ ਨੇ ਜ਼ਮੀਨ ਦੀ ਮੁਆਵਜਾ ਰਾਸ਼ੀ ਲੈ ਲਈ ਹੈ, ਉਨ੍ਹਾਂ ਨੂੰ ਇਹ ਰਾਸ਼ੀ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਨੂੰ ਵਾਪਸ ਕਰਨੀ ਪਵੇਗੀ।

ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਕੁਝ ਹਿੱਸਾ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਵੀ ਲੰਘ ਰਿਹਾ ਹੈ ਜਿਸ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਨੇ ਜ਼ਮੀਨ ਦੀ ਬਜ਼ਾਰੀ ਕੀਮਤ ਤੋਂ ਵੱਧ ਰਾਸ਼ੀ ਕਿਸਾਨਾਂ ਨੂੰ ਦਿੱਤੀ ਹੈ। ਇਸਦੇ ਨਾਲ ਜੇਕਰ ਕਿਸੇ ਕਿਸਾਨ ਨੂੰ ਜ਼ਮੀਨ ਦਾ ਰੇਟ ਘੱਟ ਲੱਗਦਾ ਹੋਵੇ ਤਾਂ ਉਹ ਆਰਬੀਟ੍ਰੇਸ਼ਨ ਜਰੀਏ ਆਪਣੀ ਅਪੀਲ ਦਾਇਰ ਕਰਕੇ ਰੇਟ ਮੁੜ ਨਿਰਧਾਰਤ ਕਰਵਾ ਸਕਦਾ ਹੈ। ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਸਬੰਧੀ ਆਪਣੀ ਜ਼ਮੀਨ ਦੀ ਰਾਸ਼ੀ ਵੀ ਪ੍ਰਾਪਤ ਕਰ ਲਈ ਹੈ ਅਤੇ ਕਬਜ਼ਾ ਵੀ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਨੂੰ ਦੇ ਦਿੱਤਾ ਹੈ। ਪਰ ਇਸਦੇ ਬਾਵਜੂਦ ਵੀ ਕੁਝ ਕਿਸਾਨ ਜਾਣਬੁੱਝ ਕੇ ਇਸ ਪ੍ਰੋਜੈਕਟ ਦਾ ਵਿਰੋਧ ਕਰ ਰਹੇ ਹਨ ਜਿਸ ਕਾਰਨ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਵਿੱਚ ਮੁਸ਼ਕਲ ਆ ਰਹੀ ਹੈ।

ਅਜਿਹੇ ਵਿੱਚ ਇਹ ਕਨਸੋਆਂ ਸੁਣਨ ਨੂੰ ਮਿਲ ਰਹੀਆਂ ਹਨ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਕਿਸਾਨ ਜਥੇਬੰਦੀਆਂ ਦੇ ਵਿਰੋਧ ਕਾਰਨ ਇਸ ਪ੍ਰੋਜੈਕਟ ਨੂੰ ਰੱਦ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ। ਜੇਕਰ ਇਹ ਪ੍ਰੋਜੈਕਟ ਰੱਦ ਹੁੰਦਾ ਹੈ ਤਾਂ ਇਸਦਾ ਸੂਬੇ ਅਤੇ ਦੇਸ਼ ਨੂੰ ਵੱਡਾ ਨੁਕਸਾਨ ਹੋਵੇਗਾ ਅਤੇ ਤਰੱਕੀ ਦੀ ਰਫ਼ਤਾਰ ਨੂੰ ਵੀ ਬਰੇਕ ਲੱਗੇਗੀ।

ਇਸ ਪ੍ਰੋਜੈਕਟ ਲਈ ਜ਼ਮੀਨਾਂ ਦੇਣ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਜ਼ਮੀਨ ਦੇਣ ਵਿੱਚ ਕੋਈ ਇਤਰਾਜ਼ ਨਹੀਂ ਹੈ, ਬੱਸ ਕੁਝ ਕਿਸਾਨ ਜਥੇਬੰਦੀਆਂ ਜਾਣਬੁੱਝ ਕੇ ਅਜਿਹਾ ਮਾਹੌਲ ਸਿਰਜ ਰਹੀਆਂ ਹਨ ਜਿਸਦਾ ਕਿਸਾਨਾਂ ਨੂੰ ਵੀ ਨੁਕਸਾਨ ਹੋ ਰਿਹਾ ਹੈ।

Written By
The Punjab Wire