ਸਿਹਤ ਪੰਜਾਬ ਮੁੱਖ ਖ਼ਬਰ

ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ‘ਚ ਨਿਰਵਿਘਨ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼

ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ‘ਚ ਨਿਰਵਿਘਨ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼
  • PublishedJune 12, 2023

ਕਾਰਗੁਜ਼ਾਰੀ ਦੀ ਸਮੀਖਿਆ ਲਈ ਸਾਰੇ ਸਿਵਲ ਸਰਜਨਾਂ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਹਸਪਤਾਲਾਂ ਵਿੱਚ ਪਏ ਸਾਰੇ ਉਪਕਰਨਾਂ ਦੇ ਕੰਮ ਕਰਨ ਦੀ ਸਥਿਤੀ ਵਿੱਚ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ

ਆਈ.ਐਮ.ਏ. ਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਵੀ ਕਿਹਾ

ਚੰਡੀਗੜ੍ਹ, 12 ਜੂਨ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਕਿਸੇ ਵੀ ਮਰੀਜ਼ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੇਵਾ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਡਾ. ਬਲਬੀਰ ਸਿੰਘ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟੋਰੇਟ ਵਿਖੇ ਸਮੂਹ ਸਿਵਲ ਸਰਜਨਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਜ਼ਿਲ੍ਹਾ ਫ਼ਰੀਦਕੋਟ ਅਤੇ ਲੁਧਿਆਣਾ ਦੇ ਸਿਵਲ ਸਰਜਨਾਂ ਵੱਲੋਂ ਕੀਤੇ ਗਏ ਬੇਮਿਸਾਲ ਕੰਮਾਂ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਸਾਰੇ ਸਿਵਲ ਸਰਜਨਾਂ ਨੂੰ ਇਨ੍ਹਾਂ ਮਾਡਲ ਜ਼ਿਲ੍ਹਿਆਂ ਦੇ ਕੰਮਾਂ ਦੀ ਨਕਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਜੋਸ਼ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਸਾਰੇ ਸਿਹਤ ਅਧਿਕਾਰੀਆਂ/ਕਰਮਚਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਉਨ੍ਹਾਂ ਦੇ ਸਬੰਧਤ ਹਸਪਤਾਲਾਂ ਵਿੱਚ ਪਏ ਸਾਰੇ ਮੈਡੀਕਲ ਉਪਕਰਨ ਕੰਮ ਕਰਨ ਦੀ ਸਥਿਤੀ ਵਿੱਚ ਹੋਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਜ਼ੋ-ਸਾਮਾਨ ਖ਼ਰਾਬ ਪਿਆ ਹੈ, ਤਾਂ ਇਸ ਦੀ ਮੁਰੰਮਤ ਜਲਦੀ ਤੋਂ ਜਲਦੀ ਸੂਬਾ ਸਰਕਾਰ ਵੱਲੋਂ ਨਿਯੁਕਤ ਏਜੰਸੀ ਤੋਂ ਕਰਵਾਈ ਜਾਵੇ।

ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਦੀ ਸੰਤੁਸ਼ਟੀ ਨੂੰ ਮੁੱਖ ਦੱਸਦਿਆਂ ਕਿਹਾ ਕਿ ਸਾਰੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਹੂਲਤ ਵਾਸਤੇ ਕੇਂਦਰ ਸਥਾਪਤ ਕਰਨ ਲਈ ਨਰਸਿੰਗ ਵਿਦਿਆਰਥੀਆਂ ਦੀਆਂ ਸੇਵਾਵਾਂ ਲਈਆਂ ਜਾਣ ਤਾਂ ਜੋ ਮਰੀਜ਼ ਅਤੇ ਉਨ੍ਹਾਂ ਦੇ ਅਟੈਂਡੈਂਟ (ਦੇਖਭਾਲ ਕਰਨ ਵਾਲਾ ਵਿਅਕਤੀ) ਸਰਕਾਰੀ ਹਸਪਤਾਲਾਂ ਵਿੱਚ ਬਿਨਾਂ ਕਿਸੇ ਮੁਸ਼ਕਲ ਦੇ ਸੇਵਾਵਾਂ ਪ੍ਰਾਪਤ ਕਰ ਸਕਣ।

ਜਣੇਪੇ ਦੌਰਾਨ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣ ਸਬੰਧੀ ਯਤਨਾਂ ਨੂੰ ਹੋਰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਣੇਪੇ ਤੋਂ ਪਹਿਲਾਂ ਦੀ ਜਾਂਚ, ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਅਤੇ ਉੱਚ ਜੋਖਮ ਵਾਲੀਆਂ ਗਰਭਵਤੀ ਮਹਿਲਾਵਾਂ ਦੇ ਸੁਰੱਖਿਅਤ ਜਣੇਪੇ ਲਈ ਪਹਿਲ ਦੇ ਆਧਾਰ ‘ਤੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਆਈਐਮਏ ਦੇ ਪ੍ਰਧਾਨ ਡਾ. ਭਗਵੰਤ ਸਿੰਘ ਜਿਹਨਾਂ ਨੂੰ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ ਸੀ, ਦੀ ਮੌਜੂਦਗੀ ਵਿੱਚ ਡਾ. ਬਲਬੀਰ ਸਿੰਘ ਨੇ ਸਾਰੇ ਸਿਵਲ ਸਰਜਨਾਂ ਨੂੰ ਆਈਐਮਏ ਨਾਲ ਤਾਲਮੇਲ ਅਤੇ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਬਹੁਤ ਸਾਰੇ ਪ੍ਰਾਈਵੇਟ ਪ੍ਰੈਕਟੀਸ਼ਨਰ ਲੋਕ ਭਲਾਈ ਲਈ ਆਪਣਾ ਸਮਾਂ ਅਤੇ ਸੇਵਾਵਾਂ ਦੇਣ ਲਈ ਤਿਆਰ ਹਨ। ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਸਰਕਾਰੀ ਹਸਪਤਾਲਾਂ ਵਿੱਚ ਲਈਆਂ ਜਾ ਸਕਦੀਆਂ ਹਨ। ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਵਿਭਾਗ ਦੇ ਸੇਵਾਮੁਕਤ ਡਾਕਟਰਾਂ ਤੱਕ ਪਹੁੰਚ ਬਣਾਉਣ ਲਈ ਵੀ ਕਿਹਾ ਕਿਉਂਕਿ ਉਹ ਵੀ ਨੇਕ ਕਾਰਜ ਵਜੋਂ ਲੋਕਾਂ ਦੀ ਸੇਵਾ ਕਰਨ ਦੇ ਇੱਛੁਕ ਹਨ

ਕਾਨਫਰੰਸ ਦੌਰਾਨ ਏਮਜ਼ ਨਵੀਂ ਦਿੱਲੀ ਦੇ ਡੀਐਮ ਕਾਰਡੀਓਲੋਜਿਸਟ ਡਾ. ਸੁਧੀਰ ਵਰਮਾ ਨੇ ਸਿਹਤ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਕੀਤੇ ਗਏ ਵਿਸਥਾਰਤ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਸਰਵੇਖਣ ਦੇ ਨਤੀਜੇ ਵਜੋਂ, ਉਨ੍ਹਾਂ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਰੂਪ-ਰੇਖਾ ਉਲੀਕਣ ਵਾਸਤੇ ਇੱਕ ਪੇਸ਼ਕਾਰੀ ਸਾਂਝੀ ਕੀਤੀ ਗਈ। ਚੇਅਰਮੈਨ ਪੀ.ਐਚ.ਐਸ.ਸੀ. ਰਮਨ ਬਹਿਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰੀ ਸਿਹਤ ਕੇਂਦਰ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨਾਲ ਬਹੁਤ ਹੀ ਨਿਮਰਤਾ ਅਤੇ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ।

ਇਸ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿਵਲ ਸਰਜਨਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਿਹਤ ਸਹੂਲਤਾਂ ਦਾ ਲਗਾਤਾਰ ਦੌਰਾ ਕਰਨ ਤਾਂ ਜੋ ਉਥੇ ਪਾਈਆਂ ਜਾਣ ਵਾਲੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਿਵੇਕ ਪ੍ਰਤਾਪ ਸਿੰਘ, ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਐਨਐਚਐਮ ਪੰਜਾਬ ਡਾ: ਅਭਿਨਵ ਤ੍ਰਿਖਾ, ਮੈਨੇਜਿੰਗ ਡਾਇਰੈਕਟਰ ਪੀਐਚਐਸਸੀ ਪ੍ਰਦੀਪ ਅਗਰਵਾਲ, ਸੀਈਓ ਰਾਜ ਸਿਹਤ ਏਜੰਸੀ ਬਬੀਤਾ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ: ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫਡਬਲਿਊ) ਪੰਜਾਬ, ਡਾ: ਰਵਿੰਦਰਪਾਲ ਕੌਰ, ਡਾਇਰੈਕਟਰ (ਈ. ਐੱਸ. ਆਈ.) ਡਾ: ਸੀਮਾ ਅਤੇ ਸਮੂਹ ਡਿਪਟੀ ਡਾਇਰੈਕਟਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Written By
The Punjab Wire