ਚੰਡੀਗੜ੍ਹ, 14 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰੇ ਤੇ ਹਨ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ ਉਨ੍ਹਾਂ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਕਰਨਗੇ। ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਵੀ ਸੀਐਮ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਅਤੇ ਹੋਰਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ ਆਰਡੀਐਫ ਅਤੇ ਐਨਐਚਐਮ ਤੋਂ ਰੋਕੇ ਫੰਡਾਂ ਦਾ ਜਵਾਬ ਨਹੀਂ ਮਿਲਿਆ ਹੈ।
ਕੇਂਦਰ ਸਰਕਾਰ ਦੇ ਫੰਡਾਂ ਦੀ ਦੁਰਵਰਤੋਂ
ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦੇ ਤੰਦਰੁਸਤੀ ਫੰਡ ਦੀ ਵਰਤੋਂ ਮੁਹੱਲਾ ਕਲੀਨਿਕਾਂ ਵਿੱਚ ਕੀਤੀ ਹੈ। ਅਜਿਹੇ ਵਿੱਚ ਜਦੋਂ ਕੇਂਦਰ ਸਰਕਾਰ ਦੀ ਇਸ ਸਕੀਮ ਨੂੰ ਪੰਜਾਬ ਸਰਕਾਰ ਨੇ ਰੋਕ ਦਿੱਤਾ ਹੈ ਤਾਂ ਐਨ.ਐਚ.ਐਮ ਫੰਡ ਦੀ ਕੋਈ ਤੁਕ ਨਹੀਂ ਬਣਦੀ।