ਪੰਜਾਬ ਮੁੱਖ ਖ਼ਬਰ

ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕੇ) ਤੋਂ

ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕੇ) ਤੋਂ
  • PublishedJune 15, 2023

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ: ਭਗਵੰਤ ਮਾਨ

ਸੂਬੇ ਭਰ ਵਿੱਚ ਬਿਜਾਈ ਸੀਜ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ

ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ

ਚੰਡੀਗੜ੍ਹ, 15 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਲੁਆਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਇਹ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੱਲ ਭਾਵ 16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ, ਜਦਕਿ ਬਾਕੀ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ।

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਨਿਯਮਤ ਸਪਲਾਈ ਮਿਲੇਗੀ ਅਤੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ ਵਾਧੂ ਭੰਡਾਰ ਹੈ।

Written By
The Punjab Wire