ਪਠਾਨਕੋਟ ਦੇ ਪਿੰਡ ਸਕੋਲ ਵਿੱਚ ਬਣੇਗਾ ਕੇਂਦਰ, ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜਿਆ ਪੱਤਰ
ਪਿਛਲੇ 3 ਸਾਲਾਂ ਤੋਂ ਲਟਕ ਰਿਹਾ ਸੀ ਇਹ ਪ੍ਰਾਜੈਕਟ
ਚੰਡੀਗੜ੍ਹ, 16 ਜੂਨ 2023 (ਦੀ ਪੰਜਾਬ ਵਾਇਰ)। ਦੇਸ਼ ਦੀਆਂ ਉੱਤਰੀ ਸਰਹੱਦਾਂ ‘ਤੇ ਸੁਰੱਖਿਆ ਨੂੰ ਵੱਡਾ ਹੁਲਾਰਾ ਦਿੰਦੇ ਹੋਏ, ਪੰਜਾਬ ਸਰਕਾਰ ਨੇ ਵੀਰਵਾਰ ਨੂੰ ਰਾਸ਼ਟਰੀ ਸੁਰੱਖਿਆ ਗਾਰਡ (ਐੱਨ. ਐੱਸ. ਜੀ.) ਦੇ ਖੇਤਰੀ ਹੱਬ ਦੀ ਸਥਾਪਨਾ ਲਈ 103 ਏਕੜ ਜ਼ਮੀਨ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਪਠਾਨਕੋਟ ਜ਼ਿਲ੍ਹੇ ਦੇ ਪਿੰਡ ਸਕੋਲ ਵਿਖੇ ਇਹ ਕੇਂਦਰ ਬਣੇਗਾ, ਜੋ ਇਸਦੇ ਪੱਛਮ ਵੱਲ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਸਾਂਝੀ ਕਰਦਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜਿਆ ਹੈ, ਨਾਲ ਹੀ ਅਪੀਲ ਕੀਤੀ ਕਿ ਇਸ ਦਿਸ਼ਾ ਵਿੱਚ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾਵੇ।
ਜਾਣਕਾਰੀ ਅਨੁਸਾਰ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਕਰੀਬ 3 ਸਾਲਾਂ ਤੋਂ ਗੱਲਬਾਤ ਚੱਲ ਰਹੀ ਸੀ। ਪਰ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਹਾਲਾਂਕਿ ਹੁਣ ਪੰਜਾਬ ਸਰਕਾਰ ਨੇ ਇਸ ਦਿਸ਼ਾ ਵੱਲ ਕਦਮ ਪੁੱਟਿਆ ਹੈ। ਸੂਤਰਾਂ ਦੀ ਮੰਨੀਏ ਤਾਂ ਪਹਿਲਾਂ ਸਰਕਾਰ ਜ਼ਮੀਨ ਦੀ ਕੀਮਤ ਚਾਹੁੰਦੀ ਸੀ। ਇਸੇ ਦੌਰਾਨ ਮਈ ਮਹੀਨੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਸੀ। ਇਸ ਤੋਂ ਬਾਅਦ ਇਸ ਮੁੱਦੇ ‘ਤੇ ਸਰਕਾਰ ‘ਤੇ ਚਰਚਾ ਹੋਈ।
ਜਿਸ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦਿਸ਼ਾ ‘ਚ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਇਸ ਨਾਲ ਇਲਾਕੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਯਾਦ ਰਹੇ ਕਿ ਇਨ੍ਹੀਂ ਦਿਨੀਂ ਮੌਜੂਦਾ ਸਰਕਾਰ ਦਾ ਧਿਆਨ ਵੀ ਪਠਾਨਕੋਟ ਵਰਗੇ ਸ਼ਹਿਰਾਂ ਵੱਲ ਹੈ। ਸਰਕਾਰ ਇਨ੍ਹਾਂ ਸ਼ਹਿਰਾਂ ਨੂੰ ਮਾਡਲ ਸ਼ਹਿਰਾਂ ਵਜੋਂ ਵਿਕਸਤ ਕਰਨ ਲਈ ਯਤਨਸ਼ੀਲ ਹੈ ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ।
ਇਸ ਦੇ ਨਾਲ ਹੀ ਖਾਲਿਸਤਾਨੀ ਮੂਵਮੇਂਟ ਜੋ ਪਾਕਿਸਤਾਨ ਨਾਲ ਮਿਲ ਕੇ ਆਪਣਾ ਨਾਪਾਕ ਸਿਰ ਚੁੱਕਣ ਦੀ ਵਾਰ ਵਾਰ ਕੌਸ਼ਿਸ਼ ਕਰ ਰਹੀ ਹੈ ਇਸ ਕੇਂਦਰ ਦੀ ਸਥਾਪਨਾ ਨਾਲ ਉਸ ਤੇ ਛੇਤੀ ਠੱਲ ਪਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ।