Close

Recent Posts

ਸਿਹਤ ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ਸੂਬੇ ‘ਚ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦੀ ਮਜ਼ਬੂਤੀ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ‘ਚ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦੀ ਮਜ਼ਬੂਤੀ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
  • PublishedJune 16, 2023

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

ਪਹਿਲੇ ਪੜਾਅ ਤਹਿਤ 23 ਜ਼ਿਲ੍ਹਾ ਹਸਪਤਾਲਾਂ ਸਮੇਤ 40 ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦਾ ਕੀਤਾ ਜਾਵੇਗਾ ਨਵੀਨੀਕਰਨ

ਭਗਵੰਤ ਮਾਨ ਨੇ ਸਰਕਾਰੀ ਸਿਹਤ ਕੇਂਦਰਾਂ ‘ਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 16 ਜੂਨ 2023 (ਦੀ ਪੰਜਾਬ ਵਾਇਰ)। ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੀਆਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਜਿਵੇਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀਜ਼), ਸਬ-ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਮਜ਼ਬੂਤੀ ਲਈ ਇੱਕ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਸਿਹਤ ਸੰਭਾਲ ਸੈਕਟਰ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਾਨਾ ਲੱਖਾਂ ਲੋਕ ਮੁਫ਼ਤ ਜਾਂਚ, ਇਲਾਜ ਅਤੇ ਕਲੀਨਿਕਲ ਟੈਸਟਾਂ ਦੇ ਰੂਪ ਵਿੱਚ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਕਦਮ ਹੋਰ ਅੱਗੇ ਵਧਦਿਆਂ ਹੁਣ ਸੂਬੇ ਭਰ ਵਿੱਚ ਸਰਕਾਰੀ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਪਣੀਆਂ ਜੇਬਾਂ ਵਿੱਚੋਂ ਮੋਟਾ ਪੈਸਾ ਅਦਾ ਕੀਤੇ ਬਿਨਾਂ ਆਮ ਲੋਕਾਂ ਨੂੰ ਵੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਅਤਿ-ਆਧੁਨਿਕ ਸਿਹਤ ਸੰਭਾਲ ਸੰਸਥਾਵਾਂ ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਲੋਕਾਂ ਨੂੰ ਮਿਆਰੀ ਇਲਾਜ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਆਧੁਨਿਕੀਕਰਨ ਦਾ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਹੈ ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਰੇ ਕੰਮ ‘ਤੇ 400 ਕਰੋੜ ਰੁਪਏ ਤੋਂ ਵੱਧ ਖਰਚ ਆਵੇਗਾ, ਜਿਸ ਲਈ ਲੋੜੀਂਦੀ ਵਿਵਸਥਾ ਕਰ ਲਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਅਧੀਨ ਵੱਡੇ ਦਿਹਾਤੀ ਖੇਤਰਾਂ ਵਿੱਚ ਸੈਕੰਡਰੀ ਸਿਹਤ ਸਹੂਲਤਾਂ ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਅਤੇ ਸੀ.ਐਚ.ਸੀ. ਨੂੰ ਪਹਿਲ ਦੇ ਆਧਾਰ ‘ਤੇ ਅਪਗ੍ਰੇਡ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜ਼ਿਲ੍ਹਾ ਹਸਪਤਾਲਾਂ ਸਮੇਤ ਅਜਿਹੀਆਂ 40 ਸਹੂਲਤਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨੂੰ ਮਜ਼ਬੂਤ/ਅੱਪਗ੍ਰੇਡ ਕਰਨ ਲਈ ਵਿੱਤ ਵਿਭਾਗ ਵੱਲੋਂ ਬਜਟ ਸਬੰਧੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਡੇਰੇ ਲੋਕ ਹਿੱਤ ਵਿੱਚ ਇਸ ਕੰਮ ਨੂੰ ਤਰਜੀਹ ਦੇਣ ਦੇ ਨਾਲ ਨਾਲ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Written By
The Punjab Wire