21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ
ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਅ ਜਾਵੇਗਾ ਯੋਗ ਦਿਵਸ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 18 ਜੂਨ (ਦੀ ਪੰਜਾਬ ਵਾਇਰ)। 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 9ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਸਵੇਰੇ 6 ਵਜੇ ਸ਼ੁਰੂ ਹੋਵੇਗਾ ਜੋ ਕਿ 7:30 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਯੋਗ ਸਮਾਗਮ ਵਿੱਚ ਬੀ.ਐੱਸ.ਐੱਫ਼ ਦੇ ਜਵਾਨ, ਲੈਂਡ-ਪੋਰਟ ਅਥਾਰਟੀ ਦਾ ਸਟਾਫ਼, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਿਦਿਆਰਥੀ ਭਾਗ ਲੈਣਗੇ ਜਿਨ੍ਹਾਂ ਨੂੰ ਆਯੂਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਂਟਰੀ ਪਾਸ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ, ਕਮਰਾ ਨੰਬਰ 116 ਵਿਖੇ ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਨਾਲ ਸੰਪਰਕ ਕਰਕੇ 19 ਜੂਨ ਨੂੰ ਆਪਣੇ ਪਾਸ ਬਣਾਉਣ ਤਾਂ ਜੋ 21 ਜੂਨ ਨੂੰ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਤੇ ਹਿੱਸਾ ਲੈਣ ਵਾਲਿਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਯੋਗ ਦਿਵਸ ਮਨਾਇਆ ਜਾਵੇਗਾ।