ਕ੍ਰਾਇਮ ਗੁਰਦਾਸਪੁਰ ਪੰਜਾਬ

ਗੁਰਦਾਸਪੁਰ ਜ਼ਿਲ੍ਹੇ ਦੇ ਸਟੇਸ਼ਨ ਅਲੀਵਾਲ ਤਾਇਨਾਤ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਗੁਰਦਾਸਪੁਰ ਜ਼ਿਲ੍ਹੇ ਦੇ ਸਟੇਸ਼ਨ ਅਲੀਵਾਲ ਤਾਇਨਾਤ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
  • PublishedJune 19, 2023

ਚੰਡੀਗੜ੍ਹ, 19 ਜੂਨ 2023 (ਦੀ ਪੰਜਾਬ ਵਾਇਰ) । ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Written By
The Punjab Wire