ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ
  • PublishedJune 22, 2023

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ

ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ

ਬੁਢਲਾਡਾ (ਮਾਨਸਾ), 21 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ (ਮਦਰ ਐਂਡ ਚਾਈਲਡ ਕੇਅਰ ਸੈਂਟਰ) ਲੋਕਾਂ ਨੂੰ ਸਮਰਪਿਤ ਕੀਤਾ।

ਇੱਥੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵਾਂ ਬਣਾਇਆ ਜਾਣ ਵਾਲਾ ਇਹ ਹਸਪਤਾਲ ਮਾਨਸਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 5.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਵਿਸ਼ੇਸ਼ ਕਰਕੇ ਔਰਤਾਂ ਨੂੰ ਮਿਆਰੀ ਇਲਾਜ ਕਰਵਾਉਣ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਮੀਲਾਂ ਦੂਰ ਨਾ ਜਾਣਾ ਪਵੇ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ 45 ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕੀਤੇ ਜਾਣੇ ਹਨ, ਜਿਨ੍ਹਾਂ ਵਿੱਚੋਂ 36 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਨੇੜ ਭਵਿੱਖ ਵਿੱਚ ਅਜਿਹੇ ਹੋਰ ਹਸਪਤਾਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਵਿੱਚ ਹਰ ਮਹੀਨੇ 100 ਤੋਂ ਵੱਧ ਜਣੇਪੇ ਹੁੰਦੇ ਹਨ ਅਤੇ ਇਸ ਉਪਰਾਲੇ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ ਅਤੇ ਹਸਪਤਾਲ ਵਿੱਚ ਐਂਟੇ ਨੇਟਲ ਚੈਕਅੱਪ, ਹਾਈ ਰਿਸਕ ਗਰਭ ਜਾਂਚ, ਸੀਜ਼ੇਰੀਅਨ ਜਣੇਪੇ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਲਈ ਐਸ.ਐਨ.ਸੀ.ਯੂ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਦੱਸਿਆ ਕਿ ਬੱਚਿਆਂ ਦੇ ਇਲਾਜ ਲਈ ਇਸ ਕੇਂਦਰ ਵਿੱਚ ਬਾਲ ਰੋਗ ਮਾਹਿਰ ਵੀ ਤਾਇਨਾਤ ਕੀਤੇ ਜਾਣਗੇ।

ਪੰਜਾਬ ਦੇ ਲੋਕਾਂ ਨੂੰ ਦਹਾਕਿਆਂ ਤੋਂ ਲੁੱਟਣ ਵਾਲੇ ਵਿਰੋਧੀ ਆਗੂਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ਇਸ ਦੇ ਆਗੂਆਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਅਤੇ ਮਾਫੀਆ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਨੇ ਮੇਰਾ ਅਕਸ ਖ਼ਰਾਬ ਕਰਨ ਲਈ ਹੱਥ ਮਿਲਾਇਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੇ ਅਸਾਧਾਰਨ ਕਾਰਜਾਂ ਤੋਂ ਪ੍ਰੇਸ਼ਾਨ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੱਕ-ਦੂਜੇ ਦੇ ਨਿੱਜੀ ਹਿੱਤਾਂ ਦੀ ਰਾਖੀ ਨੂੰ ਤਰਜੀਹ ਦਿੱਤੀ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਸੂਬੇ ਨੂੰ ‘ਉਤਰ ਕਾਟੋ ਮੈਂ ਚੜ੍ਹਾਂ’ ਦੀ ਨੀਤੀ ਰਾਹੀਂ ਲੁੱਟਣ ਦੇ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੱਥ ਨਹੀਂ ਮਿਲਾਏ, ਸਗੋਂ ਹੁਣ ਸਿਰਫ਼ ਆਪਣੀ ਖੱਲ੍ਹ ਬਚਾਉਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਿਹਤ, ਸਿੱਖਿਆ ਅਤੇ ਟਰਾਂਸਪੋਰਟ ਖੇਤਰ ‘ਤੇ ਅਜਾਰੇਦਾਰੀ ਕਾਇਮ ਕੀਤੀ ਪਰ ਇਨ੍ਹਾਂ ਸੁਆਰਥੀ ਸਿਆਸਤਦਾਨਾਂ ਦੇ ਜ਼ੁਲਮ ਦੇ ਦਿਨ ਪੂਰੇ ਹੋ ਗਏ ਹਨ ਅਤੇ ਹੁਣ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਤਾਕਤ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਕਿਉਂਕਿ ਸਰਕਾਰ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਹਰ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਲਦ ਹੀ ਫਾਇਰ ਬ੍ਰਿਗੇਡ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 21 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।

Written By
The Punjab Wire