ਗੁਰਦਾਸਪੁਰ ਪੰਜਾਬ

ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਦੀ ਸ਼ੁਰੂਆਤ

ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਦੀ ਸ਼ੁਰੂਆਤ
  • PublishedJune 26, 2023

ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਹੈਲਪ ਲਾਈਨ ਨੰਬਰ ’ਤੇ ਨਸ਼ਾ ਤਸਕਰਾਂ ਬਾਰੇ ਦਿੱਤੀ ਜਾ ਸਕਦੀ ਹੈ ਸੂਚਨਾ

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਜੌੜਾ ਛੱਤਰਾਂ ਪਿੰਡ ਨੂੰ ਗੋਦ ਵਿੱਚ ਲੈ ਕੇ ਤਿੰਨ ਮਹੀਨਿਆਂ ਵਿੱਚ ਕੀਤਾ ਜਾਵੇਗਾ ਨਸ਼ਾ ਮੁਕਤ

ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਦੇ ਪੁਨਰਵਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਯਤਨ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਖਤਾਮੇ ਲਈ ਸਮਾਜ ਦਾ ਹਰ ਵਰਗ ਸਾਥ ਦੇਵੇ – ਐੱਸ.ਐੱਸ.ਪੀ. ਹਰੀਸ਼ ਦਾਯਮਾ

ਗੁਰਦਾਸਪੁਰ, 26 ਜੂਨ 2023 (ਦੀ ਪੰਜਾਬ ਵਾਇਰ ) । “ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ” ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਨਸ਼ਾ ਮੁਕਤੀ ਮੁਹਿੰਮ ਤਹਿਤ ਇੱਕ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਦੀ ਸ਼ੁਰੂਆਤ ਕੀਤੀ ਹੈ। ਸਥਾਨਕ ਰੈੱਡ ਕਰਾਸ ਨਸ਼ਾ ਛੁਡਾਉ ਕੇਂਦਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਸ ਟੋਲ ਫਰੀ ਹੈਲਪ ਲਾਈਨ ਨੰਬਰ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਜਾਰੀ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੇਵਾ ਕੇਂਦਰ ਦੇ ਨਾਲ ਇਹ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ। ਉਨਾਂ ਕਿਹਾ ਕਿ ਇਸਦੇ ਨਾਲ ਹੀ ਇਸ ਹੈਲਪ ਲਾਈਨ ਨੰਬਰ ਉੱਪਰ ਨਸ਼ਾ ਕਰਨ ਵਾਲੇ ਪੀੜਤਾਂ ਦੀ ਸੂਚਨਾ ਵੀ ਦਿੱਤੀ ਜਾ ਸਕਦੀ ਹੈ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਇਲਾਜ਼ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਮੁਕਤੀ ਅਭਿਆਨ ਵਿੱਚ ਸਾਥ ਦਿੰਦੇ ਹੋਏ ਨਸ਼ਾ ਤਸਕਰਾਂ ਦੀ ਜਾਣਕਾਰੀ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਟੋਲ ਫਰੀ ਨੰਬਰ 1800-180-1852 ਉਪਰ ਸਾਂਝੀ ਕਰਨ ਤਾਂ ਜੋ ਸਮਾਜ ਵਿੱਚ ਨਸ਼ਿਆਂ ਦਾ ਜ਼ਹਿਰ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਅੱਜ ਸਾਂਝੇ ਤੌਰ ’ਤੇ ਜ਼ਿਲ੍ਹੇ ਦੇ ਪਿੰਡ ਜੌੜਾ-ਛੱਤਰਾਂ ਨੂੰ ਗੋਦ ਵਿੱਚ ਲਿਆ ਹੈ ਅਤੇ ਉਹ ਇਸ ਪਿੰਡ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਨਸ਼ਾ ਮੁਕਤ ਕਰਨਗੇ। ਇਸਦੇ ਨਾਲ ਹੀ ਇਸ ਪਿੰਡ ਦੇ ਵਿਕਾਸ ਕਾਰਜਾਂ ਨੂੰ ਵੀ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ 196 ਪੰਚਾਇਤਾਂ ਨੇ ਨਸ਼ਿਆਂ ਦੇ ਵਿਰੁੱਧ ਮਤੇ ਪਾ ਕੇ ਨਸ਼ਾ ਮੁਕਤੀ ਮੁਹਿੰਮ ਲਈ ਕੰਮ ਸ਼ੁਰੂ ਕਰ ਦਿੱਤਾ ਹੈ, ਜਦਕਿ ਬਾਕੀ ਪਿੰਡਾਂ ਨੂੰ ਵੀ ਨਸ਼ਿਆਂ ਵਿਰੁੱਧ ਜੰਗ ਵਿੱਚ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੇ ਛੱਡਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਨੌਜਵਾਨਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਹਰ ਤਰਾਂ ਨਾਲ ਮਦਦ ਕੀਤੀ ਜਾਵੇਗੀ।

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਬੀਤੇ ਸਮੇਂ ਵਿੱਚ ਅਜਿਹੇ ਕਈ ਨਸ਼ਾ ਤਸਕਰ ਫੜ੍ਹ ਕੇ ਜੇਲਾਂ ਵਿੱਚ ਵੀ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸਦੇ ਖਾਤਮੇ ਲਈ ਵੀ ਸਮਾਜ ਦੇ ਹਰੇਕ ਵਰਗ ਨੂੰ ਆਪਣਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਕੋਈ ਵੀ ਜਾਣਕਾਰੀ ਹੈਲਪ ਲਾਈਨ ਨੰਬਰ ਜਾਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਇਸ ਤੋਂ ਪਹਿਲਾਂ ਰੈੱਡ ਕਰਾਸ ਨਸ਼ਾ ਛੁਡਾਉ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਰੋਮੇਸ਼ ਮਹਾਜਨ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਨਸ਼ਾ ਛੁਡਾਉ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਦੱਸਿਆ। ਇਸ ਦੌਰਾਨ ਨਸ਼ਿਆਂ ਦਾ ਇਲਾਜ ਕਰਵਾ ਰਹੇ ਨੌਜਵਾਨਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਪ੍ਰੇਰਨਾ ਦਿੱਤੀ।

ਇਸ ਤੋਂ ਬਾਅਦ ਗੁਰਦਾਸਪੁਰ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਨਾਲ ਗੁਰਦਾਸਪੁਰ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਸਿਵਲ ਸਰਜਨ ਡਾ. ਹਰਭਜਨ ਰਾਮ, ਡਾ. ਰੋਮੀ ਰਾਜਾ, ਮੈਡਮ ਵਰਿੰਦਰਜੀਤ ਕੌਰ, ਗੁਰਸ਼ਰਨ ਸਿੰਘ ਬਟਾਲਾ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।

Written By
The Punjab Wire