ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਟੋਲ ਫਰੀ ਨੰਬਰ 1800-180-1852 ’ਤੇ ਜਾਂ ਪੁਲਿਸ ਵਿਭਾਗ ਦੇ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਕੀਤਾ ਜਾਵੇ – ਡਿਪਟੀ ਕਮਿਸ਼ਨਰ
ਸਰਹੱਦੀ ਪੱਟੀ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਪਹਿਲ
ਗੁਰਦਾਸਪੁਰ, 27 ਜੂਨ 2023 ( ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਅਰਵਿੰਦ ਕੁਮਾਰ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ, ਐੱਸ.ਪੀ. ਗੁਰਦਾਸਪੁਰ ਸ. ਨਵਤੇਜ ਸਿੰਘ, ਐੱਸ.ਪੀ. ਬਟਾਲਾ ਸ. ਜਗਵਿੰਦਰਜੀਤ ਸਿੰਘ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕਰਕੇ ਲੋਕਾਂ ਨੂੰ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਤਸਕਰੀ ਨੂੰ ਰੋਕਣ ਲਈ ਚੌਕਸ ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਤੁਰੰਤ ਜ਼ਿਲ੍ਹਾ ਪੱਧਰ ’ਤੇ ਬਣੇ ਕੰਟਰੋਲ ਰੂਮ ਦੇ ਨੰਬਰ 1800-180-1852 ’ਤੇ ਜਾਂ ਪੁਲਿਸ ਵਿਭਾਗ ਦੇ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਪ੍ਰੋਗਾਰਮ ਕਰਵਾਏ ਜਾਣ। ਇਸਦੇ ਨਾਲ ਹੀ ਓਨਾਂ ਅਧਿਕਾਰੀਆਂ ਨੂੰ ਓਟ ਕੇਂਦਰਾਂ ਦੀ ਸਮੇਂ-ਸਮੇਂ ਜਾਂਚ ਕਰਨ ਅਤੇ ਮਰੀਜ਼ਾਂ ਨੂੰ ਇਨ੍ਹਾਂ ਕੇਂਦਰਾਂ ਤੱਕ ਲਿਜਾਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪੱਟੀ ਦੇ ਨਾਲ ਲੱਗਦੇ ਪਿੰਡਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਪੱਖ ਤੋਂ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੰਡਾਂ ਵਿੱਚ ਸੋਲਰ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸਨੂੰ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਖਤਮ ਕੀਤਾ ਜਾਵੇਗਾ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦਾ ਪੂਰਾ ਸਾਥ ਦੇਣ।