ਕਿਸਾਨਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਅਧਿਕਾਰੀ
ਗੁਰਦਾਸਪੁਰ, 27 ਜੂਨ 2023 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ-ਝੋਨੇ ਦੇ ਰਿਵਾਇਤੀ ਫਸਲੀ ਚੱਕਰ ਵਿਚੋਂ ਨਿਕਲ ਕੇ ਆਪਣਾ ਰਕਬਾ ਬਾਗਾਂ ਦੇ ਹੇਠ ਲਿਆਉਣ। ਉਨ੍ਹਾਂ ਕਿਹਾ ਕਿ ਬਾਗਬਾਨੀ ਨਾਲ ਜਿਥੇ ਕਿਸਾਨ ਵਧੀਆ ਆਮਦਨ ਕਮਾ ਸਕਦੇ ਹਨ ਓਥੇ ਇਸ ਨਾਲ ਫਸਲੀ ਵਿਭਿੰਨਤਾ ਲਿਆਉਣ ਵਿੱਚ ਵੀ ਮਦਦ ਮਿਲੇਗੀ।
ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਬਾਗ ਲਗਾਉਣ ਦੇ ਫ਼ਾਇਦੇ ਅਤੇ ਇਸਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਫ਼ਲ ਬਾਗਬਾਨਾਂ ਬਾਰੇ ਵੱਧ ਤੋਂ ਵੱਧ ਦੱਸਿਆ ਜਾਵੇ ਤਾਂ ਜੋ ਉਹ ਇਨ੍ਹਾਂ ਬਾਗਬਾਨਾਂ ਤੋਂ ਪ੍ਰੇਰਨਾ ਲੈ ਕੇ ਬਾਗਬਾਨੀ ਦੇ ਖੇਤਰ ਵਿੱਚ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਲੀਚੀ ਅਸਟੇਟ ਘੋਸ਼ਿਤ ਕੀਤਾ ਗਿਆ ਹੈ ਇਸ ਲਈ ਜ਼ਿਲ੍ਹੇ ਵਿੱਚ ਲੀਚੀ ਦੇ ਵੱਧ ਤੋਂ ਵੱਧ ਬਾਗ ਲਗਵਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਸਲੀ ਵਿਭਿੰਨਤਾ ਦੇ ਅਧੀਨ ਸਬਜ਼ੀਆਂ ਦੀ ਕਾਸ਼ਤ ਨੂੰ ਵੀ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬਜ਼ੀਆਂ ਦੀ ਕਾਸ਼ਤ ਤੋਂ ਕਿਸਾਨ ਚੋਖੀ ਆਮਦਨ ਕਮਾ ਸਕਦੇ ਹਨ। ਇਸਦੇ ਨਾਲ ਹੀ ਉਨ੍ਹਾਂ ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ ਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਸ਼ੂ ਪਾਲਣ, ਬੱਕਰੀ ਪਾਲਣ, ਸੂਰ ਪਾਲਣ ਅਤੇ ਮੱਛੀ ਪਾਲਣ ਦੇ ਸਹਾਇਕ ਕਿੱਤਿਆਂ ਨੂੰ ਸ਼ੁਰੂ ਕਰਨ ਲਈ ਕਿਸਾਨਾਂ ਨੂੰ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਦੇ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਖੰਡ ਮਿੱਲਾਂ ਦਾ ਰੀਵਿਊ ਵੀ ਕੀਤਾ। ਉਨ੍ਹਾਂ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਹੋਰ ਦੇਰੀ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ। ਇਸਦੇ ਨਾਲ ਹੀ ਉਨ੍ਹਾਂ ਪਨਿਆੜ ਅਤੇ ਬਟਾਲਾ ਸਹਿਕਾਰੀ ਖੰਡ ਮਿੱਲਾਂ ਦੇ ਅਪਗਰੇਡੇਸ਼ਨ ਪ੍ਰੋਜੈਕਟ ਦਾ ਰੀਵਿਊ ਵੀ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਮੁੱਖ ਖੇਤੀਬਾੜੀ ਅਫ਼ਸਰ ਸ. ਕ੍ਰਿਪਾਲ ਸਿੰਘ ਢਿਲੋਂ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਸ. ਹਰਚਰਨ ਸਿੰਘ ਕੰਗ, ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਮੈਡਮ ਨਵਨੀਤ ਕੌਰ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਤਜਿੰਦਰ ਸਿੰਘ ਬਾਜਵਾ, ਕਿਸਾਨ ਦਿਲਬਾਗ ਸਿੰਘ, ਗੁਰਦਿਆਲ ਸਿੰਘ, ਗੁਰਮਹਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।