ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ “ਭਾਜਪਾ” (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ “ਭਾਜਪਾ” (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ
  • PublishedJuly 1, 2023

ਮਸਲੇ ਉਤੇ ਦੋਹਾਂ (ਕਾਂਗਰਸ ਤੇ ਭਾਜਪਾ) ਪਾਰਟੀਆਂ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ

ਪੰਜਾਬ ਤੇ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 1 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ।

ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ “ਭਾਜਪਾ” (ਬਾਜਵਾ) ਵੱਲੋਂ ਇਸ ਮੁੱਦੇ ਉਤੇ ਚੁੱਪੀ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਨੂੰ ਹਿਮਾਚਲ ਵਿਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਸ੍ਰੀ ਬਾਜਵਾ ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ਉਤੇ ਭਗਵਾਂ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ਵਿਚ ਆਪਣੇ ਸਿਆਸੀ ਮੁਫਾਦ ਪਾਲਣ ਲਈ ਸੂਬੇ ਦੇ ਮਸਲਿਆਂ ਉਤੇ ਪੈਂਤੜਾ ਬਦਲ ਲੈਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

Written By
The Punjab Wire