Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਡਿਪਟੀ ਕਮਿਸ਼ਨਰ ਨੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
  • PublishedJuly 3, 2023

ਮਕੌੜਾ ਪੱਤਣ ’ਤੇ ਬਣਨ ਵਾਲੇ ਪੁੱਲ ਦੀਆਂ ਮਨਜ਼ੂਰੀ ਲਗਭਗ ਮੁਕੰਮਲ ਹੋਈਆਂ, ਪੁੱਲ ਦੀ ਡਰਾਇੰਗ ਵੀ ਮਨਜ਼ੂਰ ਹੋਈ

ਮਕੌੜਾ ਪੱਤਣ ’ਤੇ ਲੋਕਾਂ ਨੂੰ ਦਰਿਆ ਪਾਰ ਕਰਾਉਣ ਲਈ ਇੱਕ ਵੱਡਾ ਬੇੜਾ ਅਤੇ ਇੱਕ ਬੇੜੀ ਮੁਹੱਈਆ ਕਰਵਾਈ

ਗੁਰਦਾਸਪੁਰ, 3 ਜੁਲਾਈ 2023 (ਦੀ ਪੰਜਾਬ ਵਾਇਰ ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਕੌੜਾ ਪੱਤਣ ਤੋਂ ਪਾਰ ਬਲਜ ਏਰੀਏ ਦੇ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਵੀ ਦਰਿਆ ਤੋਂ ਪਾਰ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਪ੍ਰਗਤੀ ਰੀਪੋਰਟ ਉਨ੍ਹਾਂ ਨੂੰ ਹਰ ਮਹੀਨੇ ਪੇਸ਼ ਜਾਵੇ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਕੌੜਾ ਪੱਤਣ ਉੱਪਰ ਪੁੱਲ ਬਣਾਉਣ ਦੀਆਂ ਮਨਜ਼ੂਰੀ ਲਗਭਗ ਮਿਲ ਗਈਆਂ ਹਨ ਅਤੇ ਪੁੱਲ ਦੀ ਡਰਾਇੰਗ ਵੀ ਮਨਜ਼ੂਰ ਹੋ ਗਈ ਹੈ। ਹੁਣ ਅਗਲੀ ਕਾਰਵਾਈ ਪੁੱਲ ਲਈ ਜ਼ਮੀਨ ਐਕਵਾਇਰ ਕਰਨ ਦੀ ਹੈ ਜਿਸ ਸਬੰਧੀ ਜਲਦ ਹੀ ਕਾਰਵਾਈ ਅਰੰਭ ਕਰ ਦਿੱਤੀ ਜਾਵੇਗੀ। ਇਸ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਕੇ ਪੁੱਲ ਦੇ ਨਿਰਮਾਣ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕੀਤਾ ਜਾਵੇ ਤਾਂ ਜੋ ਰਾਵੀ ਦਰਿਆ ਤੋਂ ਪਾਰ ਦੇ ਲੋਕਾਂ ਨੂੰ ਸੜਕੀ ਰਸਤੇ ਜੋੜਿਆ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਯਤਨ ਕਰਨ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮਕੌੜਾ ਪੱਤਣ ਉੱਪਰ ਇੱਕ ਵੱਡਾ ਬੇੜਾ ਅਤੇ ਇੱਕ ਬੇੜੀ ਲਗਾ ਦਿੱਤੀ ਗਈ ਹੈ, ਜਿਸ ਰਾਹੀਂ ਲੋਕਾਂ ਨੂੰ ਰਾਵੀ ਦਰਿਆ ਪਾਰ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਕੌੜਾ ਪੱਤਣ ਉੱਪਰ ਇੱਕ ਹੋਰ ਬੇੜੀ ਮੁਹੱਈਆ ਕਰਵਾਈ ਜਾਵੇਗੀ।

ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਨੂੰ ਮੋਬਾਇਲ ਨੈਟਵਰਕ ਨਾਲ ਜੋੜਨ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਕੀਤੇ ਜਾ ਰਹੇ ਹਨ। ਜੀ.ਐੱਮ. ਜ਼ਿਲ੍ਹਾ ਉਦਯੋਗ ਕੇਂਦਰ ਸ. ਸੁਖਪਾਲ ਸਿੰਘ ਨੇ ਦੱਸਿਆ ਕਿ ਦਰਿਆ ਤੋਂ ਪਾਰ 21 ਪਿੰਡਾਂ ਨੂੰ ਮੋਬਾਇਲ ਨੈਟਵਰਕ ਮੁਹੱਈਆ ਕਰਵਾਇਆ ਜਾਣਾ ਹੈ ਅਤੇ ਇਸ ਲਈ ਜੀਓ ਮੋਬਾਇਲ ਨੈਟਵਰਕ ਕੰਪਨੀ ਵੱਲੋਂ ਯਤਨ ਅਰੰਭੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੀ 20 ਤਰੀਕ ਤੱਕ ਦਰਿਆ ਪਾਰਲੇ ਸਾਰੇ ਪਿੰਡਾਂ ’ਚ ਮੋਬਾਇਲ ਨੈਟਵਰਕ ਪਹੁੰਚਾਉਣ ਲਈ ਤਕਨੀਕੀ ਸਰਵੇ ਮੁਕੰਮਲ ਕਰ ਲਿਆ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਉੱਪਰ ਕੀਤੇ ਜਾਣ ਵਾਲੇ ਹੜ੍ਹ ਰੋਕੂ ਪ੍ਰਬੰਧਾਂ ਅਤੇ ਮੰਡੀ ਬੋਰਡ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਅਰਵਿੰਦ ਕੁਮਾਰ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ ਬਾਜਵਾ, ਐੱਸ.ਡੀ.ਓ. ਪੀ.ਡਬਲਿਊ.ਡੀ. ਲਵਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire