ਦਰਿਆਵਾਂ ਤੇ ਨਾਲ਼ਿਆਂ ਨੇੜੇ ਰਹਿੰਦੀ ਵੱਸੋਂ ਚੌਕਸ ਰਹੇ
ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ‘ਤੇ ਸੂਚਿਤ ਕੀਤਾ ਜਾਵੇ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 8 ਜੁਲਾਈ 2023 (ਦੀ ਪੰਜਾਬ ਵਾਇਰ ) । ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਵਿਲੇਜ ਤੇ ਸਮਾਲ ਟਾਊਨ/ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜਿਲ੍ਹੇ ਅੰਦਰ ਪੈਂਦੀਆਂ ਨਹਿਰਾਂ ਅਤੇ ਦਰਿਆਵਾਂ ਵਿੱਚ ਵਿਅਕਤੀਆਂ ਦੇ ਨਹਾਉਣ ‘ਤੇ ਪਾਬੰਦੀ ਲਗਾਈ ਹੋਈ ਹੈ।
ਹੁਣ ਬਰਸਾਤੀ ਸੀਜ਼ਨ ਹੋਣ ਕਰਕੇ ਨਹਿਰਾਂ ਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਹੋਰ ਵੱਧ ਗਿਆ ਹੈ। ਅਜਿਹੇ ਵਿੱਚ ਦਰਿਆਵਾਂ ਤੇ ਨਹਿਰਾਂ ਵਿੱਚ ਵੜਨਾ ਹੋਰ ਵੀ ਖ਼ਤਰਨਾਕ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈ ਕਿ ਉਹ ਦਰਿਆਵਾਂ ‘ਤੇ ਨਹਿਰਾਂ ਵਿੱਚ ਬਿਲਕੁੱਲ ਨਾ ਜਾਣ।
ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਦਰਿਆਵਾਂ ਤੇ ਨਾਲ਼ਿਆਂ ਨੇੜੇ ਰਹਿੰਦੀ ਵੱਸੋਂ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ‘ਤੇ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।