ਕ੍ਰਾਇਮ ਪੰਜਾਬ ਮੁੱਖ ਖ਼ਬਰ

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ
  • PublishedJuly 9, 2023

ਪੜਤਾਲ ਅਨੁਸਾਰ ਓ.ਪੀ. ਸੋਨੀ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ 7.96 ਕਰੋੜ ਰੁਪਏ ਵੱਧ ਖ਼ਰਚ ਕੀਤੇ

ਚੰਡੀਗੜ੍ਹ, 9 ਜੁਲਾਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂਕਿ ਖਰਚਾ 12,48,42,692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Written By
The Punjab Wire